ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਥਾਵਾਂ ’ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫ਼ੂਕਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦੀ ਕਾਲੇ ਕਾਨੂੰਨ ਰੱਦ ਨਾ ਕਰਨ ਦੀ ਹੈਂਕੜਬਾਜ਼ੀ ਨੂੰ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਲਈ ਖ਼ਤਰਾ ਕਰਾਰ ਦਿੱਤਾ। ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਚ ਲਗਾਤਾਰ ਬਣ ਰਹੇ ਤਣਾਅ ਵਾਲੇ ਮਾਹੌਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਅਮਨ ਸ਼ਾਂਤੀ ਕਾਇਮ ਰੱਖਣ ਲਈ ਤੁਰੰਤ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
31 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਸਥਾਨਕ ਰੇਲਵੇ ਚੌਂਕ ਵਿਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਤੇ ਬੀਬੀਆਂ ਵਲੋਂ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫ਼ੂਕਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਰੇਲਵੇ ਚੌਂਕ ਵਿਚ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਰੰਜਣ ਸਿੰਘ ਦੋਹਲਾ, ਨਿਰਮਲ ਸਿੰਘ ਬਟੜਿਆਣਾ, ਰੋਹੀ ਸਿੰਘ ਮੰਗਵਾਲ, ਗੁਰਮੇਲ ਸਿੰਘ ਗੁੜਥਲੀ, ਰਘਵੀਰ ਸਿੰਘ ਛਾਜਲੀ, ਗੁਰਬਖ਼ਸ਼ੀਸ਼ ਸਿੰਘ, ਮਹਿੰਦਰ ਸਿੰਘ ਭੱਠਲ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਸ਼ਿੰਦਰ ਸਿੰਘ ਬਡਰੁੱਖਾਂ ਨੇ ਮੋਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਭਾਜਪਾ ਆਗੂ ਖੇਤੀ ਕਾਨੂੰਨਾਂ ਦੇ ਹੱਕ ਵਿਚ ਅਤੇ ਕਿਸਾਨਾਂ ਖ਼ਿਲਾਫ਼ ਬਿਆਨਬਾਜ਼ੀ ਕਰਕੇ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਹੇ ਹਨ।