ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਅਪਰੈਲ
ਸੰਯੁਕਤ ਕਿਸਾਨ ਮੋਰਚ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੇ ਪੁਤਲੇ ਸਾੜੇ ਗਏ।
ਕਿਸਾਨਾਂ ਦਾ ਤਰਕ ਸੀ ਕਿ ਭਾਵੇਂ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਸਿਟ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਲਖੀਮਪੁਰ ’ਚ ਕਿਸਾਨਾਂ ਦੇ ਕਤਲੇਆਮ ਵਿੱਚ ਸਾਜਿਸ਼ ਘੜਨ ਦੀ ਤਰਜ਼ਮਾਨੀ ਕਰਦੀ ਧਾਰਾ 120 ਬੀ ਲਈ ਕਥਿਤ ਰੂਪ ’ਚ ਜ਼ਿੰਮੇਵਾਰ ਕਰਾਰ ਦਿੱਤਾ ਹੋਇਆ ਹੈ। ਉਸ ਦਾ ਨਾਮ ਵੀ ਐੱਫ.ਆਈ.ਆਰ. ਵਿੱਚ ਦਰਜ ਹੈ, ਪਰ ਫਿਰ ਵੀ ਪ੍ਰਧਾਨ ਮੰਤਰੀ ਵੱਲੋਂ ਉਸ ਨੂੰ ਨਾ ਆਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ ਅਤੇ ਨਾ ਹੀ ਗ੍ਰਿਫਤਾਰ ਕੀਤਾ ਹੈ। ਇਸ ਕੜੀ ਵਜੋਂ ਅੱਜ ਜ਼ਿਲ੍ਹੇ ’ਚ ਵੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਬੀ.ਕੇ.ਯੂ. ਸਿੱਧੂਪੁਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਡੀ.ਸੀ. ਦਫਤਰ ਦੇ ਸਾਹਮਣੇ ਧਰਨਾ ਦੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੇ ਪੁਤਲੇ ਸਾੜੇ ਗਏ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਗੁਰਮੀਤ ਦਿੱਤੂਪੁਰ ਨੇ ਕਿਹਾ ਕਿ ਸਾਡਾ ਰਾਜ ਪ੍ਰਬੰਧ ਕਾਰਪੋਰੇਟ ਨੀਤੀਆਂ ਦੀ ਜਕੜ ਵਿੱਚ ਆ ਚੁੱਕਾ ਹੈ, ਜਿਸ ਨੂੰ ਕੇਵਲ ਸੰਘਰਸ਼ਾਂ ਰਾਹੀਂ ਹੀ ਠੱਲ੍ਹ ਪਾਈ ਜਾ ਸਕਦੀ ਹੈ। ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੀ ਕਾਰਵਾਈ ਨੂੰ ਮੰਦਭਾਗੀ ਕਰਾਰ ਦਿੱਤਾ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਅਜੈ ਕੁਮਾਰ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ’ਚੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਸਨ।
ਭਾਕਿਯੂ ਸਿੱਧੂਪੁਰ ਦੇ ਆਗੂ ਰਣ ਸਿੰਘ ਚੱਠਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਮੇਜਰ ਸਿੰਘ ਪੁੰਨਾਂਵਾਲ ਅਤੇ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਬਾਦਸ਼ਾਹਪੁਰ ਨੇ ਦੋਸ਼ ਲਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਚਾਉਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਅਜੈ ਕੁਮਾਰ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ’ਚੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਅਤੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਕਤਲ ਕੇਸ ਦੇ ਗਵਾਹਾਂ ਉੱਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਹਮਲਾਵਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕੇਂਦਰ ਸਰਕਾਰ ’ਤੇ ਕਿਸਾਨਾਂ ਨਾਲ ਵਿਸ਼ਵਾਸਤਘਾਤ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਅੰਦੋਲਨ ਸਮੇਂ ਕਿਸਾਨਾਂ ਨਾਲ ਕੀਤੇ ਲਿਖਤੀ ਸਮਝੌਤਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ।
ਬੁਲਾਰਿਆਂ ਨੇ ਮੰਗ ਕੀਤੀ ਕਿ ਕਣਕ ਦੇ ਘੱਟ ਝਾੜ ਕਾਰਨ ਪੰਜਾਬ ਸਰਕਾਰ ਕਿਸਾਨਾਂ ਨੂੰ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਬੈਂਕਾਂ ਦੇ ਡਿਫਾਲਟਰ ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਰੱਦ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਕਿਸਾਨ ਮੁੜ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਮੌਕੇ ਕਿਸਾਨ ਆਗੂ ਅਮਰੀਕ ਸਿੰਘ ਕਾਂਝਲਾ, ਨਿਰਮਲ ਘਨੌਰ, ਦਲੇਲ ਸਿੰਘ, ਭੂਰਾ ਸਿੰਘ ਸਲੇਮਗੜ੍ਹ, ਦਰਸ਼ਨ ਸਿੰਘ ਛਾਜਲਾ, ਕੁਲਵੀਰ ਸਿੰਘ ਸਿੰਘਪੁਰਾ, ਲੀਲਾ ਸਿੰਘ ਭੂਟਾਲ, ਰੂਪ ਸਿੰਘ ਭਾਠੂਆਂ, ਪ੍ਰਿਤਪਾਲ ਸਿੰਘ, ਬਾਬੂ ਸਿੰਘ ਪੇਧਨੀ, ਬਰਿੰਦਰਪਾਲ ਸਿੰਘ ਬਰੜਵਾਲ, ਹਰਬੰਸ ਸਿੰਘ, ਸਤਵੰਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।