ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਜਨਵਰੀ
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਵੱਲੋਂ ਵਰ੍ਹਦੇ ਮੀਂਹ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਪੁਤਲਾ ਫੂਕਦਿਆਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਦੌਰਾਨ ‘ਮੋਦੀ ਵਾਪਸ ਜਾਓ’ ਦੇ ਨਾਅਰੇ ਗੂੰਜ਼ਦੇ ਰਹੇ। ਪਹਿਲਾਂ ਅਨਾਜ ਮੰਡੀ ਤੋਂ ਹਜ਼ਾਰਾਂ ਕਿਸਾਨਾਂ ਤੇ ਕਿਸਾਨ ਬੀਬੀਆਂ ਦਾ ਰੋਸ ਮਾਰਚ ਸ਼ੁਰੂ ਹੋਇਆ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕਰਦਾ ਹੋਇਆ ਡੀਸੀ ਦਫ਼ਤਰ ਅੱਗੇ ਪੁੱਜਿਆ ਜਿਥੇੇ ਪੁਤਲਾ ਫ਼ੂਕ ਕੇ ਪਿੱਟ ਸਿਆਪਾ ਕੀਤਾ। ਉਧਰ, ਡੀ.ਸੀ. ਕੰਪਲੈਕਸ ਅੱਗੇ 20 ਦਸੰਬਰ ਤੋਂ ਚੱਲ ਰਿਹਾ ਦਿਨ-ਰਾਤ ਦਾ ਪੱਕਾ ਧਰਨਾ 17 ਦਿਨਾਂ ਮਗਰੋਂ ਅੱਜ ਸਮਾਪਤ ਕਰ ਦਿੱਤਾ ਗਿਆ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਰੋਸ ਮੁਜ਼ਾਹਰੇ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਸ਼ਾਮਲ ਹੋਏ। ਪੁਤਲਾ ਫੂਕਣ ਤੋਂ ਪਹਿਲਾਂ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਤੇ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਮੰਗ ਕੀਤੀ ਕਿ ਦੇਸ਼ ਭਰ ਦੇ ਰਾਜਾਂ ਅਤੇ ਕੇਂਦਰ ਸਾਸ਼ਤ ਰਾਜਾਂ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ, ਕਿਸਾਨ ਸ਼ਹੀਦ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਮੂਆਵਜ਼ਾ ਤੁਰੰਤ ਦਿੱਤਾ ਜਾਵੇ, ਕਿਸਾਨਾਂ ਦਾ ਸਾਰਾ ਕਰਜ਼ਾ ਮੂਆਫ਼ ਕੀਤਾ ਜਾਵੇ, ਲਖੀਮਪੁਰ ਖੀਰੀ ਕੇਸ ’ਚ ਅਜੇ ਮਿਸ਼ਰਾ ਨੂੰ ਕੇਂਦਰੀ ਕੈਬਨਿਟ ’ਚੋ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਐੱਮਐਸਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ, ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ।
ਲਹਿਰਾਗਾਗਾ (ਪੱਤਰ ਪ੍ਰੇਰਕ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ ਹੈ। ਜਿਸਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੈਂਦੇ ਮੀਂਹ ’ਚ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਦੀ ਅਗਵਾਈ ’ਚ ਪੁਤਲਾ ਫੂਕਿਆ। ਇਸ ਮੌਕੇ ਗੁਰਲਾਲ ਸਿੰਘ ਜਲੂਰ ਨੇ ਕਿਹਾ ਕਿ ਮੋਦੀ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ) ਅੱਜ ਭਾਜਪਾ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦਾ ਬੀਕੇਯੂ (ਸਿੱਧੂਪੁਰ) ਵੱਲੋਂ ਪੁਰੇ ਪੰਜਾਬ ਦੇ ਡੀਸੀ ਦਫ਼ਤਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਕੇ ਮੋਦੀ ਦਾ ਡਟਵਾਂ ਵਿਰੋਧ ਕੀਤਾ। ਅੱਜ ਦਿੜ੍ਹਬਾ ’ਚ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਸ਼ਾਦੀਹਰੀ ਤੇ ਜਨਰਲ ਸਕੱਤਰ ਧਨ ਸਿੰਘ ਢੰਡੋਲੀਕਲਾਂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲਾਡਬੰਜਾਰਾ ਕਲਾਂ, ਮੀਤ ਪ੍ਰਧਾਨ ਦਲਜੀਤ ਸਿੰਘ ਕਮਾਲਪੁਰ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਲੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਕਿਸਾਨਾਂ ਦੀਆਂ ਬਾਕੀ ਮੰਗਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ।
ਧੂਰੀ (ਖੇਤਰੀ ਪ੍ਰਤੀਨਿਧ) ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਆਮਦ ਦਾ ਵਿਰੋਧ ਕਰਦਿਆਂ ਕੱਕੜਵਾਲ ਚੌਕ ’ਚ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਤੇ ਗੰਨਾ ਸ਼ੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ ਤਾਰੀ ਭੁੱਲਰਹੇੜੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਦਿਆਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦੇ ਗਲਤ ਫੈਸਲੇ ਕਾਰਨ ਕਿਸਾਨਾਂ ਨੂੰ ਖੇਤੀ ਮਾਰੂ ਕਾਨੂੰਨਾਂ ਦੇ ਵਿਰੋਧ ’ਚ ਸਾਲ ਭਰ ਦਿੱਲੀ ਦੀਆਂ ਬਰੂਹਾਂ ’ਤੇ ਸ਼ੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਤੇ ਸ਼ੰਘਰਸ਼ ’ਚ 700 ਤੋਂ ਵੱਧ ਕਿਸਾਨਾਂ ਨੂੰ ਸ਼ਹਾਦਤ ਦੇਣੀ ਪਈ।
ਲੌਂਗੋਵਾਲ (ਪੱਤਰ ਪ੍ਰੇਰਕ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਲੌਂਗੋਵਾਲ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਲੌਂਗੋਵਾਲ, ਸਤੀਪੁਰਾ, ਢੱਡਰੀਆਂ, ਰੱਤੋਕੇ, ਸਾਹੋਕੇ, ਤਕੀਪੁਰ, ਭਾਈ ਕੀ ਸਮਾਧ ਆਦਿ ਪਿੰਡਾਂ ਦੇ ਕਿਸਾਨਾਂ ਨੇ ਬਾਜ਼ਾਰ ’ਚ ਰੋਸ ਮਾਰਚ ਕਰਦੇ ਹੋਏ ਬੱਸ ਸਟੈਂਡ ਲੌਂਗੋਵਾਲ ’ਤੇ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਹੈ।
ਰਾਜਪੁਰਾ (ਪੱਤਰ ਪ੍ਰੇਰਕ) ਅਣਵਰਤੀ ਜ਼ਮੀਨ ਵਾਪਸੀ ਦੀ ਮੰਗ ਨੂੰ ਲੈ ਕੇ ਉਜਾੜਾ ਰੋਕੂ ਸੰਘਰਸ਼ ਕਮੇਟੀ ਸੀਲ ਕੈਮੀਕਲ ਰਾਜਪੁਰਾ ਦਾ ਰੋਸ ਧਰਨਾ ਵਰ੍ਹਦੇ ਮੀਂਹ ਵਿੱਚ ਵੀ ਜਾਰੀ ਰਿਹਾ। ਅੱਜ ਦੇ ਧਰਨੇ ਦੀ ਅਗਵਾਈ ਕਿਸਾਨ ਬੀਬੀਆਂ ਕਰਮਜੀਤ ਕੌਰ, ਗੁਲਜਾਰ ਕੌਰ, ਰਿਤੂ ਸੈਣੀ, ਬਿਮਲਾ ਦੇਵੀ, ਲਾਭ ਕੌਰ, ਪਰਮਜੀਤ ਕੌਰ ਨੇ ਕੀਤੀ।