ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਫਰਵਰੀ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਤੇ ਪੈਟਰੋਲ ਪੰਪ ਬਾਲਦ ਕਲਾਂ ਵਿੱਚ 129 ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿੱਤ ਟੌਲ ਪਲਾਜ਼ਾ ਕਾਲਾਝਾੜ ਤੇ ਪੈਟਰੋਲ ਪੰਪ ਬਾਲਦ ਕਲਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੋਸ਼ ਲਾਇਆ ਗਿਆ ਕਿ ਸਾਮਰਾਜੀ ਕਾਰਪੋਰੇਟਾਂ ਦੀ ਹੱਥਠੋਕਾ ਬਣ ਚੁੱਕੀ ਭਾਜਪਾ ਮੋਦੀ ਹਕੂਮਤ ਕਿਸਾਨਾਂ ਦੇ ਘੋਲ ਨੂੰ ਫੇਲ੍ਹ ਕਰਨ ਲਈ ਜਬਰ ਜੁਲਮ ਦੇ ਹੱਥਕੰਡੇ ਅਪਣਾ ਰਹੀ ਹੈ, ਪਰ ਲੋਕ ਲਾਮਬੰਦੀ ਸਦਕਾ ਹਰ ਵਾਰ ਸਰਕਾਰ ਨੂੰ ਮੂੰਹ ਦੀ ਖਾਣੀ ਪੈ ਰਹੀ ਹੈ। ਇਸ ਮੌਕੇ ਨਵਜੋਤ ਕੌਰ ਚੰਨੋਂ, ਉੱਧਮ ਸਿੰਘ ਬਦੇਸ਼ਾ, ਜਗਦੀਸ਼ ਸਿੰਘ ਨੂਰਪੁਰਾ, ਅਜੈਬ ਸਿੰਘ ਬਿਸ਼ਨਪੁਰਾ, ਸੁਖਦੇਵ ਸਿੰਘ ਘਰਾਚੋਂ ਅਤੇ ਨਿਰਭੈ ਸਿੰਘ ਮਸਾਨੀ ਵੀ ਹਾਜ਼ਰ ਸਨ।
ਧੂਰੀ (ਹਰਦੀਪ ਸਿੰਘ ਸੋਢੀ) ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਨਜੀਤ ਸਿੰਘ ਜਹਾਂਗੀਰ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾਂ ਅੱਜ 130ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕੱਲ੍ਹ ਦੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਹੋਣ ਵਾਲੇ ਸਾਰੇ ਸੰਘਰਸ਼ਾਂ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਸਾਰ ਪੱਧਰ ’ਤੇ ਅਪਣੀ ਪਹਿਚਾਣ ਬਣਾ ਚੁੱਕਿਆ ਇਹ ਕਿਸਾਨੀ ਸੰਘਰਸ਼, ਕੇਂਦਰ ਸਰਕਾਰ ਨੂੰ ਇਕ ਦਿਨ ਪਤਨ ਦੇ ਵੱਲ ਲੈਕੇ ਜਾਵੇਗਾ। ਉਨ੍ਹਾਂ ਕਿਹਾ ਕਿ ਚੱਕਾ ਜਾਮ ਵੇਲੇ ਵੱਖ-ਵੱਖ ਜਥੇਬੰਦੀਆਂ ਦਾ ਹੋਇਆ ਇਤਿਹਾਸਿਕ ਇੱਕਠ ਤੋਂ ਪਤਾ ਲੱਗਦਾ ਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੁਝ ਵੀ ਮਨਜ਼ੂਰ ਨਹੀਂ।
ਲਹਿਰਾਗਾਗਾ (ਰਮੇਸ਼ ਭਾਰਦਵਾਜ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ਤੇ ਧਰਨਾ 130ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ, ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ, ਸੂਬਾ ਸਿੰਘ ਸੰਗਤਪੁਰਾ, ਜਗਸੀਰ ਸਿੰਘ ਖੰਡੇਬਾਦ, ਹਰਸੇਵਕ ਸਿੰਘ ਲਹਿਲ ਖੁਰਦ ਆਦਿ ਬੁਲਾਰਿਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਵਿੱਚ ਕੀਤੇ ਚੱਕਾ ਜਾਮ ਵਿੱਚ ਲੋਕਾਂ ਨੇ ਵੱਡੇ ਇਕੱਠ ਕਰਕੇ ਬੰਦ ਨੂੰ ਸਫ਼ਲ ਬਣਾਇਆ ਹੈ। ਜਿਵੇਂ ਜਿਵੇਂ ਸੰਘਰਸ਼ ਲਮੇਰਾ ਹੁੰਦਾ ਜਾ ਰਿਹਾ ਹੈ ਉਸੇ ਤਰ੍ਹਾਂ ਲੋਕਾਂ ਨੇ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨਾਂ ਨੂੰ ਟੱਕਰ ਦੇਣ ਲਈ ਘਰੋਂ ’ਚੋਂ ਨਿਕਲ ਕੇ ਸੜਕਾਂ ’ਤੇ ਆਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਵਰਗੇ ਸ਼ਹਿਰਾਂ ’ਚੋਂ ਕਿਸਾਨ ਅੰਦੋਲਨ ਦੀ ਹਮਾਇਤ ’ਚ ਵੱਡੀ ਪੱਧਰ ’ਤੇ ਸ਼ਹਿਰੀ ਲੋਕ ਸੜਕਾਂ ਤੇ ਉਤਰ ਚੁੱਕੇ ਹਨ। ਇਸ ਮੌਕੇ ਰਿਲਾਇੰਸ ਪੰਪ ’ਤੇ ਲਾਏ ਪੱਕੇ ਮੋਰਚੇ ਤੇ’ ਲੜਾਂਗੇ ਸਾਥੀ ਪਟਿਆਲਾ ਮੰਚ ਵੱਲੋਂ ਜੰਗ ਜਾਰੀ ਹੈ ਨਾਟਕ ਖੇਡ ਕੇ ਲੋਕਾਂ ’ਚ ਨਵੀਂ ਰੂਹ ਫੂਕੀ ਗਈ। ਧਰਨਾਕਾਰੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਿਆ।