ਕਿਸਾਨਾਂ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਮੰਗਿਆ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਗਈ ਅਤੇ ਪੰਜਾਬ ਵਿੱਚ ਹੜ੍ਹਾਂ ਲਈ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਨ ਭਰਪਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਨੇ ਮੰਗ ਕੀਤੀ ਕਿ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਨਕ ਸਿੰਘ ਭੁਟਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਆਏ ਹੜ੍ਹਾਂ ਲਈ ਸਾਡੀਆਂ ਸਰਕਾਰਾਂ ਜ਼ਿਮੇਵਾਰ ਹਨ ਕਿਉਂਕਿ ਸਮੇਂ ਤੋਂ ਪਹਿਲਾਂ ਡੈਮਾਂ ਨੂੰ ਖਾਲੀ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਸਮੇਂ ਸਿਰ ਡੈਮਾਂ ਦੀ ਸਫ਼ਾਈ ਕਰਵਾਈ ਗਈ। ਉਨ੍ਹਾਂ ਦੋਸ਼ ਲਾਇਆ ਕਿ ਹੜ੍ਹਾਂ ਦੇ ਪਾਣੀ ’ਚ ਫਸੇ ਲੋਕਾਂ ਨੂੰ ਕੱਢਣ ਲਈ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਅਤੇ ਜੋ ਵੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਉਹ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਹੋਇਆ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪੀੜ੍ਹਤ ਪਰਿਵਾਰਾਂ ਨੂੰ ਬਗੈਰ ਕਿਸੇ ਦੇਰੀ ਤੋਂ ਵਿੱਤੀ ਸਹਾਇਤੀ ਦਿੱਤੀ ਜਾਵੇ। ਰੈਲੀ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ ਪਾਪੜਾ ਨੇ ਪੁੱਜ ਕੇ ਮੰਗ ਪੱਤਰ ਲਿਆ।
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਡੀਸੀ ਦਫ਼ਤਰ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੀ ਮੰਗ ਸੀ ਕਿ ਕੇਂਦਰ ਸਰਕਾਰ ਪੰਜਾਬ ਵਿਚ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ।
ਇਸ ਤਰ੍ਹਾਂ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਕਿਹਾ ਕਿ ਉਹ ਪੰਜਾਬ ਵਿਚ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ। ਕਿਸਾਨਾਂ ਨੇ ਮੰਗ ਪੱਤਰ ਰਾਹੀਂ ਜ਼ੋਰ ਦਿੱਤਾ ਗਿਆ ਕਿ ਹੜ੍ਹਾਂ, ਬਦਲ ਫਟਣ ਅਤੇ ਭਾਰੀ ਬਾਰਸ਼ਾਂ ਕਾਰਨ ਪੰਜਾਬ ਸਮੇਤ ਕਈ ਰਾਜਾਂ ਵਿੱਚ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਇਸ ਲਈ ਇਸ ਨੂੰ ਕੌਮੀ ਆਫ਼ਤ ਘੋਸ਼ਿਤ ਕਰਕੇ ਕੌਮੀ ਆਫ਼ਤ ਫ਼ੰਡ ਜਾਰੀ ਕੀਤਾ ਜਾਵੇ।
ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਕਾਰਪੋਰੇਟਾਂ ਦੇ ਕਬਜ਼ੇ ਕਰਾਉਣ ਅਤੇ ਕਿਸਾਨ ਲਹਿਰ ’ਤੇ ਜਬਰ ਖਿਲਾਫ ਸਮੇਤ ਪੰਜਾਬ ਵਿੱਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਦੇ ਹਕੀਕੀ ਕਾਰਨਾਂ ਦਾ ਹੱਲ ਕਰਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਮਾਲੇਰਕੋਟਲਾ ਅੱਗੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਧਰਨਾ ਦੇ ਕੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਜਿੰਦਰ ਸਿੰਘ ਭੋਗੀਵਾਲ ਤੇ ਸਤਿਨਾਮ ਸਿੰਘ ਮਾਣਕਮਾਜਰਾ ਨੇ ਕੀਤਾ।