ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਮੰਡੀਆਂ ਵਿੱਚ ਦੀਵਾਲੀ ਮਨਾਉਣ ਲਈ ਮਜਬੂਰ

ਬੀਕੇਯੂ ਉਗਰਾਹਾਂ ਦੇ ਧਰਨੇ ਜਾਰੀ; ਸਰਕਾਰ ’ਤੇ ਕਿਸਾਨਾਂ ਨੂੰ ਮੰਡੀਆਂ ਤੇ ਸੜਕਾਂ ’ਚ ਰੋਲਣ ਦਾ ਦੋਸ਼
ਸੰਗਰੂਰ ’ਚ ਭਾਜਪਾ ਆਗੂ ਅਰਵਿੰਦ ਖੰਨਾ ਦੀ ਕੋਠੀ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 30 ਅਕਤੂਬਰ

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਇੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ ਲਾਇਆ ਧਰਨਾ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪੈਦਾ ਹੋਏ ਮੌਜੂਦਾ ਹਾਲਾਤਾਂ ਲਈ ਜ਼ਿੰਮੇਵਾਰ ਠਹਿਰਾਇਆ। ਬੁਲਾਰਿਆਂ ਨੇ ਕੇਂਦਰ ਅਤੇ ਰਾਜ ਸਰਕਾਰ ਉਪਰ ਦੋਸ਼ ਲਾਇਆ ਕਿ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਕਿਸਾਨਾਂ ਨੂੰ ਦੀਵਾਲੀ ਦਾ ਤਿਉਹਾਰ ਅਨਾਜ ਮੰਡੀਆਂ ਅਤੇ ਸੜਕਾਂ ’ਤੇ ਮਨਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਸੰਗਰੂਰ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਅਨਾਜ ਮੰਡੀਆਂ ’ਚ ਕਿਸਾਨਾਂ ਦੀ ਫਸਲ ਰੁਲ ਰਹੀ ਹੈ ਅਤੇ ਸੜਕਾਂ ’ਤੇ ਕਿਸਾਨ ਰੁਲ ਰਿਹਾ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰਾਂ ਟੱਸ ਤੋਂ ਮੱਸ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਕਿ ਕਿਸਾਨ ਨਿੱਤ ਦਿਨ ਖੱਜਲ ਖੁਆਰ ਹੋ ਰਹੇ ਹਨ ਪਰ ਸਰਕਾਰ ਵਲੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਡੀਏਪੀ ਖਾਦ ਦਾ ਪ੍ਰਬੰਧ ਕਰਨ ਦੀ ਬਜਾਏ ਸਿਰਫ਼ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ’ਤੇ ਹੀ ਪੂਰਾ ਜ਼ੋਰ ਲਗਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ’ਚ ਸਖਤ ਸ਼ਰਤਾਂ ਥੋਪ ਕੇ ਕੇਂਦਰ ਨੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦੋਂ ਕਿ ਲਿਫਟਿੰਗ ਦੀ ਸਮੱਸਿਆ ਪੰਜਾਬ ਸਰਕਾਰ ਦੂਰ ਨਹੀਂ ਕਰ ਸਕੀ।

ਕਣਕ ਦੀ ਬਿਜਾਈ ਦਾ ਸਮਾਂ ਸਿਰ ’ਤੇ ਹੈ ਪਰ ਅਜੇ ਤੱਕ ਡੀਏਪੀ ਖਾਦ ਦੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀ ਨਲਾਇਕੀ ਕਾਰਨ ਕਿਸਾਨਾਂ ਨੂੰ ਅਨਾਜ ਮੰਡੀਆਂ ਅਤੇ ਸੜਕਾਂ ’ਤੇ ਦੀਵਾਲੀ ਮਨਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਜਿਸ ਲਈ ਕੇਂਦਰ ਅਤੇ ਰਾਜ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਲੁੱਟ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਰੂਪ ਲੈਣਗੇ।

ਕਾਲਾਝਾੜ ਟੌਲ ਪਲਾਜ਼ੇ ’ਤੇ ਧਰਨਾ ਜਾਰੀ

ਕਾਲਾਝਾੜ ਟੌਲ ਪਲਾਜ਼ਾ ’ਤੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇਕ ਕਿਸਾਨ ਆਗੂ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ 12ਵੇਂ ਦਿਨ ਵੀ ਟੌਲ ਪਲਾਜ਼ਾ ਕਾਲਾਝਾੜ ’ਚ ਪੱਕਾ ਧਰਨਾ ਜਾਰੀ ਰੱਖਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਕਸ਼ਮੀਰ ਸਿੰਘ ਆਲੋਅਰਖ, ਬਲਾਕ ਸਕੱਤਰ ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ ਅਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਕਿਹਾ ਕਿ ਝੋਨੇ ਦੇ ਖਰੀਦ ਪ੍ਰਬੰਧ ਅਤੇ ਡੀਏਪੀ ਖਾਦ ਦੀ ਸਪਲਾਈ ਨੂੰ ਲੈ ਕੇ ਦੋਵੇਂ ਸਰਕਾਰਾਂ ਇਕ ਦੂਜੇ ਨੂੰ ਨੀਵਾਂ ਦਿਖਾਉਣ ਲਈ ਘਟੀਆ ਰਾਜਨੀਤੀ ਖੇਡ ਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ ਕਰਨ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ।

Advertisement
Show comments