ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 28 ਮਈ
ਕਿਸਾਨ ਯੂਨੀਅਨ ਏਕਤਾ ਆਜ਼ਾਦ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਕਾਫਲਿਆਂ ਨੂੰ ਖਨੌਰੀ ਵਿੱਚ ਪੰਜਾਬ-ਹਰਿਆਣਾ ਦੀ ਹੱਦ ‘ਤੇ ਹਰਿਆਣਾ ਪੁਲੀਸ ਵੱਲੋਂ ਨਾਕੇਬੰਦੀ ਕਰਕੇ ਰੋਕ ਲਿਆ ਗਿਆ। ਇਨ੍ਹਾਂ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਅਤੇ ਬੀਬੀਆਂ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਸੰਘਰਸ਼ ਦੀ ਹਮਾਇਤ ਵਿੱਚ ਦਿੱਲੀ ਜਾ ਰਹੇ ਸਨ ਕਿਉਂਕਿ ਦਿੱਲੀ ਜੰਤਰ ਮੰਤਰ ‘ਤੇ ਸੰਘਰਸ਼ ਕਰ ਰਹੀਆਂ ਪਹਿਲਵਾਨ ਧੀਆਂ ਨੇ ਦਿੱਲੀ ‘ਚ ਔਰਤ ਸਨਮਾਨ ਮਹਾਪੰਚਾਇਤ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦੇ ਕਾਫ਼ਲੇ ਦਿੱਲੀ ਰਵਾਨਾ ਹੋਏ ਸਨ।
ਪੰਜਾਬ-ਹਰਿਆਣਾ ਹੱਦ ‘ਤੇ ਪੁਲੀਸ ਵੱਲੋਂ ਰੋਕੇ ਜਾਣ ‘ਤੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਗਿਆ। ਸੈਂਕੜੇ ਕਿਸਾਨਾਂ ਨੇ ਸੜਕ ਉਪਰ ਹੀ ਧਰਨਾ ਲਗਾ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਸਰਕਾਰ ਦੇ ਇਸ ਕਦਮ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਗਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਆਜ਼ਾਦ ਦੇ ਸੂਬਾਈ ਕਾਰਜਕਾਰੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਅੱਜ ਝੂਠਾ ਸਾਬਤ ਹੋ ਰਿਹਾ ਹੈ ਕਿਉਂਕਿ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਇਨਸਾਫ਼ ਲਈ ਸੜਕਾਂ ‘ਤੇ ਰੁਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ ਜਿਸ ਤੋਂ ਸਰਕਾਰ ਬੁਖ਼ਲਾ ਗਈ ਹੈ ਅਤੇ ਲੋਕਾਂ ਦੀ ਆਵਾਜ਼ ਨੂੰ ਸੱਤਾ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨਸੀ ਸੋਸ਼ਣ ਦੇ ਦੋਸ਼ ਹੇਠ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਦਿੱਲੀ ਦੇ ਜੰਤਰ-ਮੰਤਰ ‘ਚ ਪਿਛਲੇ ਕਰੀਬ ਇੱਕ ਮਹੀਨੇ ਤੋਂ ਇਨਸਾਫ ਲੈਣ ਲਈ ਧਰਨੇ ਉੱਤੇ ਬੈਠੀਆਂ ਮਹਿਲਾ ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਕਿਸਾਨ ਜਥੇਬੰਦੀਆਂ ਦੇ ਦਿੱਲੀ ਜਾ ਰਹੇ ਕਾਫ਼ਲੇ ਨੂੰ ਅੱਜ ਤੜਕਸਾਰ ਪੰਜਾਬ-ਹਰਿਆਣਾ ਹੱਦ ਉੱਤੇ ਪਿੰਡ ਢਾਬੀ ਗੁੱਜਰਾਂ ਨੇੜੇ ਸਖ਼ਤ ਨਾਕੇਬੰਦੀ ਕਰਕੇ ਹਰਿਆਣੇ ਦੀ ਪੁਲੀਸ ਨੇ ਰੋਕ ਲਿਆ। ਇਸ ਦਾ ਪਤਾ ਲੱਗਦਿਆਂ ਹੀ ਆਸ ਪਾਸ ਦੇ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚ ਗਏ ਅਤੇ ਧਰਨਾ ਲਗਾ ਦਿੱਤਾ।
ਸ਼ਾਮ ਚਾਰ ਵਜੇ ਤੱਕ ਚੱਲੇ ਰੋਸ ਪ੍ਰਦਰਸ਼ਨ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇਸ਼ ਵਾਸੀਆਂ ਨੂੰ ਦਬਾਉਣ ਦੀ ਰਾਜਨੀਤੀ ਤਹਿਤ ਕੰਮ ਕਰ ਰਹੀ ਹੈ। ਭਾਜਪਾ ਆਗੂ ਬ੍ਰਿਜ ਭੂਸ਼ਨ ਉੱਤੇ ਔਰਤ ਪਹਿਲਵਾਨਾਂ ਵੱਲੋਂ ਲਗਾਏ ਜਾ ਰਹੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਬਾਵਜੂਦ ਸਰਕਾਰ ਉਸ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਔਰਤ ਪਹਿਲਵਾਨਾਂ ਦੇ ਹੱਕ ਵਿੱਚ ਜੋ ਵੀ ਫ਼ੈਸਲਾ ਲਿਆ ਜਾਵੇਗਾ ਜਥੇਬੰਦੀਆਂ ਉਸ ਉੱਤੇ ਫੁੱਲ ਚੜ੍ਹਾਉਣਗੀਆਂ।
ਇਸ ਮੌਕੇ ਸੂਬੇਦਾਰ ਨਰਾਤਾ ਸਿੰਘ, ਸੁਖਦੇਵ ਸਿੰਘ ਹਰਿਆਊ, ਸਾਹਿਬ ਸਿੰਘ ਦੁਤਾਲ, ਯਾਦਵਿੰਦਰ ਸਿੰਘ ਬੂਰੜ, ਦਵਿੰਦਰ ਕੌਰ ਹਰਦਾਸਪੁਰ, ਕਿਰਨਦੀਪ ਕੌਰ ਬੰਮਨਾਂ, ਗੁਰਬਿੰਦਰ ਸਿੰਘ, ਭਗਵੰਤ ਸਿੰਘ , ਦਰਬਾਰਾ ਸਿੰਘ ਲੋਹਾਖੇੜਾ ਅਤੇ ਜਰਨੈਲ ਸਿੰਘ ਆਦਿ ਨੇ ਸੰਬੋਧਨ ਕੀਤਾ।