ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਤੇ ਕਿਸਾਨ ਬੀਬੀਆਂ ਵੱਲੋਂ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਲੇਖਕਾਂ ਅਤੇ ਚਿੰਤਕਾਂ ਦੀ ਰਿਹਾਈ ਲਈ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ। ਅਨਾਜ ਮੰਡੀ ਵਿਚ ਰੋਸ ਰੈਲੀ ਕਰਦਿਆਂ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ। ਝੋਨੇ ਦੀ ਲਵਾਈ ਦਾ ਕੰਮ ਜ਼ੋਰਾਂ ’ਤੇ ਹੋਣ ਦੇ ਬਾਵਜੂਦ ਵੱਡੀ ਤਾਦਾਦ ’ਚ ਕਿਸਾਨਾਂ ਤੇ ਬੀਬੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੋਸ਼ ਲਾਇਆ ਕਿ ਦੇਸ਼ ਦੀ ਸੱਤਾ ’ਤੇ ਕਾਬਜ਼ ਭਾਜਪਾ ਹਕੂਮਤ ਆਰਐਸਐਸ ਦਾ ਏਜੰਡਾ ਲਾਗੂ ਕਰ ਕੇ ਕਿਰਤੀ ਲੋਕਾਂ ਅਤੇ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਹਰ ਵਿਅਕਤੀ ਨਾਲ ਧੱਕੇਸ਼ਾਹੀ ਕਰ ਰਹੀ ਹੈ। ਭਾਜਪਾ ਹਕੂਮਤ ਵੱਲੋਂ ਲਗਭਗ 300 ਦੇ ਕਰੀਬ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਲੇਖਕਾਂ ਅਤੇ ਚਿੰਤਕਾਂ ’ਤੇ ਝੂਠੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹੀਂ ਡੱਕ ਦਿੱਤਾ ਗਿਆ ਹੈ। ਮੋਦੀ ਹਕੂਮਤ ਦੋਸ਼ ਲਗਾ ਰਹੀ ਹੈ ਕਿ ਬੁੱਧੀਜੀਵੀ ਅਤੇ ਸਮਾਜਿਕ ਕਾਰਕੁਨ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨਾ ਚਾਹੁੰਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਕੋਈ ਵੀ ਵਿਅਕਤੀ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਦੇਸ਼ ਧ੍ਰੋਹੀ ਕਰਾਰ ਦੇ ਦਿੱਤਾ ਜਾਂਦਾ ਹੈ। ਦੇਸ਼ ਵਿਚ ਐਂਮਰਜੈਂਸੀ ਵਰਗੇ ਹਾਲਾਤ ਪੈਦਾ ਕੀਤਾ ਜਾ ਰਹੇ ਹਨ। ਹੱਕ ਮੰਗਦੇ ਲੋਕਾਂ ਦੀ ਆਵਾਜ਼ ਨੂੰ ਜਬਰ ਨਾਲ ਦਬਾਇਆ ਜਾ ਰਿਹਾ ਹੈ। ਭਾਜਪਾ ਹਕੂਮਤ ਨੇ ਸੁਦਾ ਭਾਰਦਵਾਜ਼ ਵਰਗੀਆਂ ਮਹਾਨ ਹਸਤੀਆਂ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਵੇਲੇ ਵੀ ਲੋਕਾਂ ਦੀ ਲੜਾਈ ਲੜਨ ਵਾਲੇ ਲੋਕ ਜੇਲ੍ਹਾਂ ਅੰਦਰ ਬੰਦ ਕੀਤੇ ਗਏ ਅਤੇ ਗ਼ਦਾਰਾਂ ਨੂੰ ਸਨਮਾਨਿਆ ਗਿਆ। ਅਜਿਹੇ ਹਾਲਾਤ ਹੀ ਮੋਦੀ ਸਰਕਾਰ ਵਲੋਂ ਬਣਾ ਦਿੱਤੇ ਗਏ ਹਨ ਅਤੇ ਸਰਕਾਰ ਦੀ ਮਾਨਸਿਕਤਾ ਦਰਸਾਉਂਦੀ ਹੈ ਕਿ ਜਿਹੜਾ ਵੀ ਸਰਕਾਰ ਖ਼ਿਲਾਫ਼ ਆਵਾਜ਼ ਉਠਾਏਗਾ, ਉਸ ਨੂੰ ਦੇਸ਼ ਧ੍ਰੋਹੀ ਕਰਾਰ ਦੇ ਕੇ ਜੇਲ੍ਹੀਂ ਡੱਕ ਦਿੱਤਾ ਜਾਵੇਗਾ।
ਬੁਲਾਰਿਆਂ ਨੇ ਕਿਸਾਨ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਦਾ ਸੰਘਰਸ਼ ਕਰਾਰ ਦਿੰਦਿਆਂ ਅੰਦੋਲਨ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਬੁੱਧਜੀਵੀਆਂ, ਸਮਾਜਿਕ ਕਾਰਕੁਨਾਂ, ਲੇਖਕਾਂ ਅਤੇ ਚਿੰਤਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਅਜੈਬ ਸਿੰਘ ਨੀਲੋਵਾਲ, ਗੋਬਿੰਦਰ ਸਿੰਘ ਮੰਗਵਾਲ, ਜਸਵੰਤ ਸਿੰਘ ਤੋਲਾਵਾਲ, ਮਨਜੀਤ ਸਿੰਘ ਧੂਰੀ, ਗੁਰਮੇਲ ਸਿੰਘ ਅਹਿਮਦਗੜ੍ਹ, ਦਰਸ਼ਨ ਸਿੰਘ ਸ਼ਾਦੀਹਰੀ, ਕੁਲਵਿੰਦਰ ਸਿੰਘ ਮਲੇਰਕੋਟਲਾ, ਗੋਬਿੰਦਰ ਸਿੰਘ ਬਡਰੁੱਖਾਂ, ਸ਼ਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।