ਕਿਸਾਨ ਜਥੇਬੰਦੀ ਨੇ ਭਾਰਤ-ਅਮਰੀਕਾ ਸਮਝੌਤੇ ਖ਼ਿਲਾਫ਼ ਰੋਸ ਪ੍ਰਗਟਾਇਆ
ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਬਲਾਕ ਸੁਨਾਮ ਦੇ ਕਿਸਾਨਾਂ ਨੇ ਇੱਥੇ ਭਾਰਤ-ਅਮਰੀਕਾ ਸਮਝੌਤੇ ਖ਼ਿਲਾਫ਼ ਰੋਹ ਪ੍ਰਗਟਾਇਆ ਅਤੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਉਣ ਵਾਲੇ ਸਮੇਂ ’ਚ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਇਕੱਤਰ ਇਨ੍ਹਾਂ ਕਿਸਾਨਾਂ ਨੇ ਇਸ ਮੌਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਵੱਖ-ਵੱਖ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਮੁਲਕ ਦੀਆਂ ਮੰਡੀਆਂ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਫ਼ਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ ਪਰ ਭਾਰਤ ਸਰਕਾਰ ਅਮਰੀਕਾ ਤੇ ਹੋਰ ਦੇਸ਼ਾਂ ਦੀ ਮੱਕੀ, ਸੋਇਆਬੀਨ, ਕਾਜੂ, ਬਦਾਮ ਤੇ ਤੇਲ ਭਾਰਤ ਦੀ ਮੰਡੀ ਵਿੱਚ ਉਤਾਰਨਾ ਚਾਹੁੰਦੀ ਹੈ। ਇਸ ਲਈ ਅਮਰੀਕਾ ਸਰਕਾਰ ਦੀਆਂ ਇਹ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਨ ਲਈ ਸੰਯੁਕਤ ਮੋਰਚੇ ਦੇ ਸੱਦੇ ਉੱਤੇ 13 ਅਗਸਤ ਨੂੰ ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਅਮਰੀਕਾ ਤੇ ਭਾਰਤ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇਵਾਲਾ, ਸੁਖਪਾਲ ਮਾਨਕ ਕਣਕਵਾਲ, ਲਾਲੀ ਦੋਲੇਵਾਲ, ਯਾਦਵਿੰਦਰ ਸਿੰਘ ਚੱਠਾ, ਅਜੀਤ ਸਿੰਘ ਗੰਢੂਆਂ ਅਤੇ ਸੁਨਾਮ ਦੀਆਂ ਪਿੰਡ ਇਕਾਈਆਂ ਹਾਜ਼ਰ ਸਨ।