ਕਿਸਾਨ ਜਥੇਬੰਦੀਆਂ ਵੱਲੋਂ ’ਵਰਸਿਟੀ ਮੋਰਚੇ ਦੀ ਹਮਾਇਤ
ਪੰਜਾਬ ਯੂਨੀਵਰਸਿਟੀ ਦੇ ਸੰਘਰਸ਼ ’ਚ ਭਰਵੀਂ ਸ਼ਿਕਰਤ ਦਾ ਸੱਦਾ; ਲਾਮਬੰਦੀ ਲੲੀ ਮੀਟਿੰਗਾਂ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸਿੱਖਿਆ ਨੂੰ ਖਤਮ ਕਰਨ ਲਈ ਕੇਂਦਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਕਬਜ਼ੇ ਵਿੱਚ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਪਰ ਉਸ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਜੋ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸਾਂਝੇ ਪੰਜਾਬ ਵਿੱਚ 1882 ’ਚ ਲਾਹੌਰ ਵਿਖੇ ਹੋਂਦ ਵਿੱਚ ਆਈ ਅਤੇ ਫਿਰ 1947 ਤੋਂ ਬਾਅਦ ਲਾਹੌਰ ਤੋਂ ਬਦਲ ਕੇ ਚੰਡੀਗੜ੍ਹ ਸਥਾਪਤ ਹੋਈ ਸੀ। ਕੇਂਦਰ ਸਰਕਾਰ ਵੱਲੋਂ ਹਮਲਾ ਪੰਜਾਬ ਯੂਨੀਵਰਸਿਟੀ ਦੀ ਹੋਂਦ ਖਤਮ ਕਰਨ ਲਈ ਕੀਤਾ ਗਿਆ ਕਿਉਂਕਿ ਕਿਸੇ ਵੀ ਖਿੱਤੇ ਦੇ ਲੋਕਾਂ ਦਾ ਭਵਿੱਖ ਅਤੇ ਉਨ੍ਹਾਂ ਦੀ ਹੋਂਦ ਨੌਜਵਾਨਾ ਨੂੰ ਮਿਲਣ ਵਾਲੀ ਸਿੱਖਿਆ ਹੀ ਤੈਅ ਕਰਦੀ ਹੈ। ਉਨ੍ਹਾਂ ਕਿਹਾ ਕਿ 10 ਨਵੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ 10 ਵਜੇ ਇਕੱਠੇ ਹੋਣ ਉਪਰੰਤ ਵੱਡੇ ਕਾਫਲੇ ਵਜੋਂ ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਚੱਲ ਕੇ ਰਹੇ ਯੂਨੀਵਰਸਿਟੀ ਬਚਾਓ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸਿੱਖਿਆ ਦੀ ਰਾਜਧਾਨੀ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਨੂੰ ਬਚਾਉਣ ਲਈ ਵਿਦਿਆਰਥੀਆਂ ਵੱਲੋਂ ਚਲਾਏ ਜਾ ਰਹੇ ਮੋਰਚੇ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਸਮਰਥਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਜਥੇਬੰਦੀ ਦੇ ਸੂਬਾ ਆਗੂ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ, ਰਾਮਪਾਲ ਸ਼ਰਮਾ ਸੁਨਾਮ, ਹਰਜਿੰਦਰ ਸਿੰਘ ਨੰਗਲਾ, ਮਲਕੀਤ ਸਿੰਘ ਤੂਰਬਣਜਾਰਾ, ਸੂਬਾ ਸਿੰਘ ਸੰਗਤਪੁਰਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦੀ ਸਿੱਖਿਆ ਖੇਤਰ ਦੀ ਰਾਜਧਾਨੀ ਹੈ, ਕਿਸੇ ਵੀ ਹਾਲਤ ਵਿੱਚ ਇਸ ਦਾ ਕੇਂਦਰੀਕਰਨ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾ ਰਹੀ ਹੈ ਪਰ ਕੇਂਦਰ ਸਰਕਾਰ ਵੱਲੋਂ ਕੋਝੀਆਂ ਚਾਲਾਂ ਚੱਲ ਕੇ ਇਸ ਸਿੱਖਿਆ ਦੇ ਮੰਦਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦਾ ਭਗਵਾਂਕਰਨ ਕਰਕੇ ਪੰਜਾਬੀ ਮਾਂ ਬੋਲੀ ਅਤੇ ਪੰਜਾਬ ਦੇ ਵਿਰਾਸਤੀ ਢਾਂਚੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਪੰਜਾਬੀ ’ਵਰਸਿਟੀ ਚੰਡੀਗੜ੍ਹ ਨੂੰ ਹਥਿਆਉਣ ਅਤੇ ਪੰਜਾਬ ਦੀ ਮਾਲਕੀ ਖ਼ਤਮ ਕਰਨ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਘਟੀਆ ਹਰਕਤ ਦੀ ਨਿਖੇਧੀ ਕਰਦੀ ਹੈ।
ਚੰਡੀਗੜ੍ਹ ਮੋਰਚਾ ਪੰਜਾਬ ਦੀ ਹੋਂਦ ਨੂੰ ਬਚਾਉਣ ਦੀ ਲੜਾਈ: ਚੱਠਾ
ਸੁਨਾਮ ਊਧਮ ਸਿੰਘ ਵਾਲਾ (ਸਤਨਾਮ ਸਿੰਘ ਸੱਤੀ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸਿੱਖਿਆ ਨੂੰ ਖ਼ਤਮ ਕਰਨ ਲਈ ਕੇਂਦਰ ਸਾਜ਼ਿਸ਼ ਅਧੀਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਕਬਜ਼ੇ ’ਚ ਲੈਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ 10 ਨਵੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ 10 ਵਜੇ ਇਕੱਠੇ ਹੋਣ ਮਗਰੋਂ ਵੱਡੇ ਕਾਫ਼ਲੇ ਦੇ ਰੂਪ ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਨੌਜਵਾਨ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉੱਪਰ ਹਮਲਾ ਕਰ ਕੇ ਸਿੱਖਿਆ ਨੂੰ ਆਪਣੇ ਕਬਜ਼ੇ ਵਿਚ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਤਾਂ ਜੋ ਇਸ ਖ਼ਿੱਤੇ ਦੇ ਲੋਕ ਆਪਣੇ ਹੱਕਾਂ ਹਕੂਕਾਂ ਲਈ ਲੜਨਾ ਅਤੇ ਆਪਣੇ ਇਤਿਹਾਸ, ਵਿਰਾਸਤ ਨੂੰ ਭੁੱਲ ਜਾਣ।

