ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 19 ਨਵੰਬਰ
ਸੰਯੁਕਤ ਕਿਸਾਨ ਮੋਰਚੇ ਵਲੋਂ 26, 27 ਅਤੇ 28 ਨਵੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਤਿੰਨਾਂ ਦਿਨਾ ਰੋਸ ਧਰਨੇ ਦੀਆਂ ਤਿਆਰੀਆਂ ਵਜੋਂ ਅੱਜ ਵੱਖ ਵੱਖ ਕਿਸਾਨਾਂ ਜਥੇਬੰਦੀਆਂ ਨੇ ਵਿਉਂਤਬੰਦੀ ਕੀਤੀ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸੁਨਾਮ ਦੀ ਅਹਿਮ ਬੈਠਕ ਸਥਾਨਕ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਲਬਾਰਾ ਸਿੰਘ ਛਾਜਲਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਮੁਲਖ ਦੀ ਕਿਸਾਨੀ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੀ ਹੈ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਮੀਟਿੰਗ ਹੋਈ ਜਿਸ ਵਿੱਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਦੱਸਿਆ ਕਿ ਦਿੱਲੀ ਕਿਸਾਨ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਕੇਂਦਰ ਦੀ ਮੋਦੀ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਰਾਜਪਾਲ ਦੇ ਘਿਰਾਓ ਦੀ ਤਿਆਰੀ ਲਈ ਪਿੰਡਾਂ ਵਿੱਚ ਝੰਡਾ ਮਾਰਚ ਤੇ ਰੈਲੀਆਂ ਕਰਨ ਦੀ ਅਪੀਲ ਕੀਤੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਆਗੂਆਂ ਦੀ ਮੀਟਿੰਗ ਇਥੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਚੰਡੀਗੜ੍ਹ ਮੋਰਚੇ ਦੀ ਵਿਉਂਤਬੰਦੀ ਸਬੰਧੀ ਵਿਚਾਰਾਂ ਹੋਈਆਂ।
ਲਹਿਰਾਗਾਗਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਇੱਥੇ ਜਥੇਬੰਦੀ ਦੇ ਆਪਣੇ ਦਫਤਰ ਵਿਖੇ ਕੀਤੀ ਗਈ।
ਕਿਸਾਨ ਵਿਕਾਸ ਫਰੰਟ ਵੱਲੋਂ ਸੰਘਰਸ਼ ਦੀ ਹਮਾਇਤ
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮਹਿੰਦਰ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਕੀਤੀ ਗਈ। ਸੂਬਾ ਜਰਨਲ ਸਕੱਤਰ ਜਗਪਾਲ ਸਿੰਘ ਉਧਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀ ਹਮਾਇਤ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸੈਂਟਰ ਤੇ ਪੰਜਾਬ ਦੀ ਸਰਕਾਰ ਵੱਲੋਂ ਖੇਤੀਬਾੜੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸੇ ਦੌਰਾਨ ਚੰਡੀਗੜ੍ਹ ਮੋਰਚੇ ਵਿੱਚ ਸ਼ਮੂਲੀਅਤ ਸਬੰਧੀ ਬੀਕੇਯੂ (ਏਕਤਾ-ਉਗਰਾਹਾਂ) ਦੇ ਬਲਾਕ ਸੰਗਰੂਰ ਦੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਹੋਈ। ਬਲਾਕ ਕਮੇਟੀ ਮੀਟਿੰਗ ਵਿੱਚ ਠੋਸ ਵਿਉਂਤਬੰਦੀ ਉਲੀਕੀ ਗਈ।