ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਅੱਜ ‘ਅਪਰੇਸ਼ਨ ਕਲੀਨ’ ਦੀ ਚਰਚਾ ਰਹੀ ਅਤੇ ਕਿਸਾਨਾਂ ਵਲੋਂ ਕੇਂਦਰ ਅਤੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਕਰੋਨਾ ਦੇ ਬਹਾਨੇ ਜਬਰੀ ਉਠਾਉਣ ਲਈ ਘੜੀ ਜਾ ਰਹੀ ਸਾਜਿਸ਼ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬੁਲੰਦ ਹੌਸਲੇ ਨਾਲ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਦਿੱਲੀ ਦੇ ਬਾਰਡਰਾਂ ਤੋਂ ਨਹੀਂ ਉਠਣਗੇ ਅਤੇ ਕੇਂਦਰ ਸਰਕਾਰ ਨੂੰ ਅਜਿਹੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਕਿਸਾਨ ਅਮਨ ਸ਼ਾਂਤੀ ਨਾਲ ਆਪਣਾ ਸੰਘਰਸ਼ ਕਰ ਰਹੇ ਹਨ। ਅਮਨ-ਸ਼ਾਂਤੀ ਨਾਲ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਨ ਦਾ ਦੇਸ਼ ਦੇ ਹਰ ਨਾਗਰਿਕ ਨੂੰ ਹੱਕ ਹੈ। 31 ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨੇ ਲਗਾਤਾਰ ਜਾਰੀ ਹਨ।
ਕਿਸਾਨ ਜਥੇਬੰਦੀਆਂ ਦੇ ਰੋਸ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਰੋਹੀ ਸਿੰਘ ਮੰਗਵਾਲ, ਲੱਖਮੀ ਚੰਦ, ਨਰੰਜਣ ਸਿੰਘ ਚੁਨਾਗਰਾ, ਜਸਵੰਤ ਸਿੰਘ ਬਿਗੜਵਾਲ, ਮੱਘਰ ਸਿੰਘ ਉਭਾਵਾਲ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਗੁਰਦੇਵ ਸਿੰਘ ਕੰਮੋਮਾਜਰਾ, ਗੋਬਿੰਦਰ ਬਡਰੁੱਖਾਂ, ਸਰੂਪ ਚੰਦ ਕਿਲਾਭਰੀਆਂ, ਕਰਮਜੀਤ ਮੰਗਵਾਲ, ਲਾਭ ਸਿੰਘ ਖੁਰਾਣਾ, ਸੁਖਦੇਵ ਕੌਰ, ਸੁਖਪਾਲ ਕੌਰ, ਕਰਨੈਲ ਕੌਰ, ਗੁਰਦਿਆਲ ਕੌਰ, ਲਾਭ ਕੌਰ, ਮਹਿੰਦਰ ਕੌਰ ਆਦਿ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਜਬਰੀ ਉਠਾਉਣ ਲਈ ‘ਅਪਰੇਸ਼ਨ ਕਲੀਨ ’ ਦੀ ਸਾਜਿਸ਼ ਘੜੀ ਹੈ ਜਿਸਤੋਂ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਰੋਨਾ ਮਹਾਂਮਾਰੀ ਨੂੰ ਆਪਣੇ ਸਿਆਸੀ ਫਾਇਦੇ ਲਈ ਵਰਤ ਰਹੀ ਹੈ।ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਖ਼ਿਲਾਫ਼ ਜਬਰੀ ਕਾਰਵਾਈ ਕੀਤੀ ਗਈ ਤਾਂ ਕੇਦਰ ਸਰਕਾਰ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਹੀਰਾਂ ਘੱਤ ਕੇ ਦਿੱਲੀ ਮੋਰਚਿਆਂ ਵਿਚ ਸ਼ਮੂਲੀਅਤ ਕਰਨ। ਧੂਰੀ(ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੋਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਕਿਲ੍ਹਾ ਹਕੀਮਾਂ, ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 199 ਵੇਂ ਦਿਨ ਵੀ ਜਾਰੀ ਰਿਹਾ।
ਆਗੂਆਂ ਨੇ ਕਿਹਾ ਕੇਂਦਰ ਸਰਕਾਰ ਵੱਖ-ਵੱਖ ਤਰੀਕਿਆਂ ਨਾਲ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਸਰਕਾਰ ਦੇ ਗ਼ਲਤ ਮਨਸੂਬਿਆ ਤੋਂ ਭਲੀ-ਭਾਂਤ ਜਾਣੂ ਹਨ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣ ਗਿਆ। ਉਨ੍ਹਾਂ ਨੇ ਡੱਬਵਾਲੀ ’ਚ ਪੁਲੀਸ ਵੱਲੋਂ ਕਿਸਾਨਾਂ ਦੇ ਬੰਦ ਕੀਤੇ ਟੌਲ ਪਲਾਜ਼ੇ ਨੂੰ ਮੁੜ ਤੋਂ ਸ਼ੁਰੂ ਕਰਵਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।