ਪੱਤਰ ਪ੍ਰੇਰਕ
ਭਵਾਨੀਗੜ੍ਹ, 21 ਸਤੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਨਵਜੋਤ ਕੌਰ ਚੰਨੋਂ,ਲਾਡੀ ਬਖੋਪੀਰ ਅਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਸਰਕਾਰਾਂ ਦੇ ਮੁਖੀ ਬਦਲਣ ਨਾਲੋਂ ਲੋਕ ਵਿਰੋਧੀ ਨੀਤੀਆਂ ਬਦਲਣ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਤਿੰਨ ਕਾਲੇ ਕਾਨੂੰਨ ਕਿਸਾਨਾਂ ਸਮੇਤ ਸਮੁੱਚੇ ਵਰਗਾਂ ਦੇ ਰੁਜ਼ਗਾਰ ਨੂੰ ਖਤਮ ਕਰ ਕੇ ਰੱਖ ਦੇਣਗੇ, ਇਸ ਲਈ ਇਨ੍ਹਾਂ ਨੂੰ ਰੱਦ ਕਰਵਾ ਕੇ ਹੀ ਕਿਸਾਨ ਸੰਘਰਸ਼ ਸਮਾਪਤ ਕੀਤਾ ਜਾਵੇਗਾ। ਸਟੇਜ ਦੀ ਕਾਰਵਾਈ ਨਵਜੋਤ ਕੌਰ ਚੰਨੋਂ ਨੇ ਨਿਭਾਈ।
ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਲਾਏ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 355ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ 27 ਸਤੰਬਰ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ ਤੇ 23, 24 ਸਤੰਬਰ ਨੂੰ ਪਿੰਡਾਂ ਤੇ ਸ਼ਹਿਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ , ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ ,ਰਾਮ ਸਿੰਘ ਕੱਕੜਵਾਲ ਆਦਿ ਹਾਜ਼ਰ ਸਨ।