ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡੀਸੀ ਕੰਪਲੈਕਸ ਅੱਗੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਕਿਸਾਨਾਂ ਵਲੋਂ ਖੇਤੀ ਆਰਡੀਨੈਸਾਂ ਨੂੰ ਪੰਜਾਬ ਦੀ ਕਿਸਾਨੀ ਨੂੰ ਡੋਬਣ ਵਾਲੇ ਕਰਾਰ ਦਿੱਤਾ ਗਿਆ ਅਤੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਕਿਸਾਨ ਅਨਾਜ ਮੰਡੀ ਵਿਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦਿਆਂ ਡੀਸੀ ਕੰਪਲੈਕਸ ਅੱਗੇ ਪੁੱਜੇ ਅਤੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਲਗਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ, ਬਲਾਕ ਪ੍ਰਧਾਨ ਕਰਨੈਲ ਸਿੰਘ ਕਾਕੜਾ ਅਤੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਜੌਲੀਆਂ ਨੇ ਖੇਤੀ ਆਰਡੀਨੈਂਸ ਜਾਰੀ ਕਰਨ ਵਾਲੀ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਨੂੰ ਰੋਕਣ ਲਈ ਕਿਸਾਨ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਜਦੋਂਕਿ ਦੂਜੇ ਪਾਸੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਉਣ ਲਈ ਕਿਸਾਨ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਪੰਜਾਬ ਦੇ ਕਿਸਾਨ ਮੂੰਹ ਤੋੜ ਜਵਾਬ ਦੇਣਗੇ ਅਤੇ ਅਜਿਹੇ ਫ਼ੈਸਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਬੁਲਾਰਿਆਂ ਨੇ ਕਿਸਾਨਾਂ ਨੂੰ ਇਸ ਲੜਾਈ ਦੇ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਕਿਸਾਨ ਆਗੂ ਗੁਰਲਾਲ ਸਿੰਘ ਬਲਾਕ ਪ੍ਰਧਾਨ ਲਹਿਰਾਗਾਗਾ, ਹਰੀ ਸਿੰਘ, ਲਖਵਿੰਦਰ ਸਿੰਘ ਡੂਡੀਆਂ, ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਕਰਨੈਲ ਸਿੰਘ, ਹਰਜੀਤ ਸਿੰਘ ਫਤਹਿਗੜ੍ਹ ਭਾਦਸੋਂ, ਮੁਖਤਿਆਰ ਸਿੰਘ, ਹਾਕਮ ਸਿੰਘ, ਹਰਮੇਲ ਸਿੰਘ ਆਦਿ ਮੌਜੂਦ ਸਨ।