ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਸਾਂ ਤੇ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਵਿਰੁੱਧ ਇਥੇ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਕਿਸਾਨਾਂ ਨੇ ਕਿਸਾਨ-ਮਜ਼ਦੂਰ ਮਾਰੂ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਸਿੰਘ ਸੋਮਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਸਾਂ ਨੂੰ ਕਿਸਾਨ-ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਰਥਿਕ ਸੰਕਟ ਦਾ ਸ਼ਿਕਾਰ ਹੈ। ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਤੇ ਕਿਸਾਨ ਖੁਦਕੁਸ਼ੀਆਂ ਲਈ ਮਜ਼ਬੂਰ ਹੋ ਰਹੇ ਹਨ। ਕਰੋਨਾ ਮਹਾਂਮਾਰੀ ਵਧ ਰਹੀ ਹੈ। ਅਜਿਹੇ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸ ਜਾਰੀ ਕਰਨੇ ਤੇ ਪੈਟਰੌਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਭਾਜਪਾ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਮਾਰਕੀਟ ’ਚ ਤੇਲ ਦੀਆਂ ਕੀਮਤਾਂ ਬਹੁਤ ਘੱਟ ਹਨ ਪਰ ਦੇਸ਼ ’ਚ ਤੇਲ ਦੀਆਂ ਕੀਮਤਾਂ ਬੇਲਗਾਮ ਹੋ ਗਈਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਜਾਰੀ ਤਿੰਨੋਂ ਆਰਡੀਨੈਂਸ ਵਾਪਸ ਲਏ ਜਾਣ, ਬਿਜਲੀ ਸੋਧ ਬਿਲ 2020 ਵਾਪਸ ਲਿਆ ਜਾਵੇ, ਤੇਲ ਦੀਆਂ ਕੀਮਤਾਂ ’ਚ ਰੋਜ਼ਾਨਾ ਹੋ ਰਹੇ ਵਾਧੇ ਦਾ ਨਿੱਜੀ ਕੰਪਨੀਆਂ ਨੂੰ ਦਿੱਤਾ ਅਧਿਕਾਰ ਤੁਰੰਤ ਵਾਪਸ ਲਿਆ ਜਾਵੇ।
ਪਾਤੜਾਂ (ਗੁਰਨਾਮ ਸਿੰਘ ਚੌਹਾਨ) ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਦਿਨ ਪ੍ਰਤੀਦਿਨ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਅੱਜ ਕਿਸਾਨ ਜਥੇਬੰਦੀਆਂ ਨੇ ਪੈਟਰੋਲ ਪੰਪਾਂ ਸਾਹਮਣੇ ਰੋਸ ਵਿਖਾਵੇ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਪ੍ਰਲਾਦ ਸਿੰਘ ਨਿਆਲ ਨੇ ਕਿਹਾ ਕਿ ਕੌਮਾਂਤਰੀ ਮੰਡੀ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ ਦੇ ਬਾਵਜੂਦ ਮੋਦੀ ਸਰਕਾਰ ਪੈਟਰੋਲੀਅਮ ਵਸਤਾਂ ‘ਤੇ ਭਾਰੀ ਟੈਕਸਅਤੇ ਐਕਸਾਈਜ਼ ਡਿਊਟੀ ਲਾ ਕੇ ਦੇਸ਼ ਦੇ ਗਰੀਬ ਖਪਤਕਾਰਾਂ ਦੀ ਨਿਰਦਈ ਲੁੱਟ ਕਰ ਰਹੀ ਹੈ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ) ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ’ਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਆਰਡੀਨੈਂਸ ਦੇਸ਼ ਭਰ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਖਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਐੱਮਐੱਸਪੀ ਰੱਦ ਕਰਕੇ ਸਰਕਾਰੀ ਖਰੀਦ ਬੰਦ ਕਰਨ ਜਾ ਰਹੀ ਹੈ ਉੱਥੇ ਖੁੱਲ੍ਹੀ ਮੰਡੀ ਰਾਹੀਂ ਪੰਜਾਬ ਦੀ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਨੂੰ ਸਮਰਪਿਤ ਕਰਨ ਜਾ ਰਹੀ ਹੈ।
ਲਹਿਰਾਗਾਗਾ (ਰਮੇਸ਼ ਭਾਰਦਵਾਜ) ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੋਰ ਦੀ ਅਗਵਾਈ ’ਚ ਕਿਸਾਨਾਂ ਨੇ ਕੇਂਦਰੀ ਸਰਕਾਰ ਵੱਲੋਂ ਜਾਰੀ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿਲ 2020 ਦੇ ਵਿਰੋਧ ’ਚ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਬੰਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਵਾਲਾ ਮੰਗ ਪੱਤਰ ਐੱਸਡੀਐੱਮ ਸੂੁਬਾ ਸਿੰਘ ਪੀਸੀਐੱਸ ਨੂੰ ਮੰਗ ਪੱਤਰ ਦੇ ਕੇ ਇਹ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਇਸ ਧਰਨੇ ਨੂੰ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਮਾਸਟਰ ਗੁਰਚਰਨ ਸਿੰਘ ਖੋਖਰ, ਸੂਬਾ ਸਿੰਘ ਸੰਗਤਪੁਰਾ, ਮੱਖਣ ਸਿੰਘ ਪਾਪੜਾ, ਕਰਨੈਲ ਸਿੰਘ ਗਨੋਟਾ ਤੇ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਸਬੰਧੀ ਆਰਡੀਨੈਂਸ ਫਸਲਾਂ ਦੀ ਸਰਕਾਰੀ ਖਰੀਦ ਦੇ ਖਾਤਮੇ ਰਾਹੀਂ ਵੱਡੇ ਵਪਾਰੀ ਤੇ ਦੇਸ਼ੀ ਵਿਦੇਸ਼ ਕਾਰਪੋਰੇਟਾਂ ਦੇ ਰਹਿਮੋ ਕਰਮਾਂ ’ਤੇ ਛੱਡਣ ਤੇ ਫਸਲਾਂ ਕੌਢੀਆਂ ਦੇ ਭਾਅ ਰੋਲਣ ਦੇ ਸੰਦ ਹਨ।