ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਜੂਨ
ਕਿਸਾਨਾਂ ਦੀਆਂ ਮੰਗਾਂ ਸਬੰਧੀ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਲੌਂਗੋਵਾਲ, ਜ਼ਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ ਤੇ ਦਰਸ਼ਨ ਸਿੰਘ ਕੁੰਨਰਾਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੀ ਆੜ ਹੇਠ ਕੇਂਦਰ ਤੇ ਪੰਜਾਬ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੇ ਗੱਫੇ ਦੇਣ ਲੱਗੀਆਂ ਹਨ ਜਦੋਂ ਕਿ ਦੂਜੇ ਪਾਸੇ ਕਿਸਾਨਾਂ ਮਜ਼ਦੂਰਾਂ ਤੇ ਮਿਹਨਤਕਸ਼ ਵਰਗ ਦੇ ਖਿਲਾਫ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ ’ਚ 53 ਰੁਪਏ ਦਾ ਕੀਤਾ ਵਾਧਾ ਰੱਦ ਕਰਦਿਆਂ ਝੋਨੇ ਦਾ ਭਾਅ ਸਵਾਮੀ ਨਾਥਨ ਰਿਪੋਰਟ ਮੁਤਾਬਿਕ ਦੇਣ ਦੀ ਮੰਗ ਕੀਤੀ। ਆਗੂਆਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2020 ਰਾਹੀਂ ਕਿਸਾਨਾਂ ਦੀਆਂ ਮੋਟਰਾਂ ’ਤੇ ਬਿਜਲੀ ਬਿਲ ਲਾਉਣ ਦੀ ਤਜਵੀਜ਼ ਰੱਦ ਕਰਨ, ਲੌਕਡਾਊਨ ਖ਼ਤਮ ਕਰਕੇ ਲੋਕਾਂ ’ਤੇ ਇਸ ਦੌਰਾਨ ਕੀਤੇ ਪਰਚੇ ਰੱਦ ਕਰਨ, ਝੋਨੇ ਦੀ ਲਵਾਈ ਲਈ ਵਿਸ਼ੇਸ਼ ਟਰੇਨਾਂ ਚਲਾ ਕੇ ਮਜ਼ਦੂਰ ਲਿਆਉਣ ਦਾ ਪ੍ਰਬੰਧ ਕਰਨ, ਲੌਕਡਾਊਨ ਦੇ ਸਮੇਂ ਦੇ ਘਰੇਲੂ ਬਿਜਲੀ ਬਿਲਾਂ ਦੀ ਮਾਫ਼ੀ, ਕਿਸਾਨਾਂ ਦੀ ਕਰਜ਼ਾ ਮੁਕਤੀ ਦਾ ਵਾਅਦਾ ਪੂਰਾ ਕਰਨ ਸਮੇਤ ਡੀਜ਼ਲ ਸਸਤਾ ਕੀਤਾ ਜਾਵੇ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਪੰਜਾਬ ਦੀਆਂ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਕੇਂਦਰ ਸਰਕਾਰ ਵੱਲੋਂ ਦਿੱਤੇ ਰਾਹਤ ਪੈਕੇਜ ਦਾ ਭਾਂਡਾ ਭੰਨਣ ਤੇ ਖੇਤੀ ਮੋਟਰਾਂ ਦੇ ਬਿੱਲ ਲਾਗੂ ਕਰਨ ਦੀ ਤਜਵੀਜ਼ ਵਿਰੁੱਧ ਇੱਥੇ ਤਹਿਸੀਲ ਕੰਪਲੈਕਸ ਵਿੱਚ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ ਨੇ ਸਰਕਾਰਾਂ ਨੂੰ ਰੱਜ ਕੇ ਭੰਡਿਆ।
ਧੂਰੀ (ਪਵਨ ਕੁਮਾਰ ਵਰਮਾ): ਭਾਰਤੀ ਕਿਸਾਨ ਯੂਨੀਆਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆ ਦੇ ਸੱਦੇ ’ਤੇ ਬਲਾਕ ਜਰਨਲ ਸੱਕਤਰ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਐੱਸਡੀਐੱਮ ਦਫਤਰ ਧੂਰੀ ਵਿੱਚ ਧਰਨਾ ਲਗਾਇਆ ਗਿਆ। ਇਸ ਦੌਰਾਨ ਐੱਸਡੀਐੱਮ ਧੂਰੀ ਲਤੀਫ ਅਹਿਮਦ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਲੜੀ ਤਹਿਤ ਤਹਿਸੀਲ ਕੰਪਲੈਕਸ ਦਫ਼ਤਰ ਪਾਤੜਾਂ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਸਾਨ ਅਤੇ ਮਜ਼ਦੂਰ ਲਗਾਤਾਰ ਕਰਜ਼ੇ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ।
ਅਮਰਗੜ੍ਹ (ਰਾਜਿੰਦਰ ਜੈਦਕਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਇੱਥੇ ਸਬ ਤਹਿਸੀਲ ਦੇ ਦਫਤਰ ਅੱਗੇ ਧਰਨਾ ਲਗਾ ਕੇ ਕੇਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਐਕਟਿੰਗ ਪ੍ਰਧਾਨ ਜਸਵਿੰਦਰ ਸਿੰਘ ਸੋਮਾਂ ਲੌਗੋਵਾਲ, ਸਰਬਜੀਤ ਸਿੰਘ ਭੁਰਥਲਾ, ਕੁਲਵਿੰਦਰ ਸਿੰਘ ਭੂੰਦਨ, ਰਾਜਿੰਦਰ ਸਿੰਘ ਭੋਗੀਵਾਲ, ਅਮ੍ਰਿਤਪਾਲ ਸਿੰਘ ਅਲੀਪੁਰ, ਹਰਪ੍ਰੀਤ ਸਿੰਘ ਨੰਗਲ, ਹਰਿੰਦਰ ਸਿੰਘ ਚੌਂਦਾ ਆਦਿ ਆਗੂਆਂ ਨੇ ਸੰਬੋਧਨ ਕੀਤਾ।