ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਨਵੰਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਰੇਲ ਰੋਕੋ ਅੰਦੋਲਨ ਤਹਿਤ ਸਥਾਨਕ ਰੇਲਵੇ ਸਟੇਸਨ ’ਤੇ ਚੱਲ ਰਹੇ ਰੋਸ ਧਰਨੇ ’ਚ ਕੇਂਦਰ ਸਰਕਾਰ ਵੱਲੋਂ ਕਿਸਾਨ ਤੇ ਪੰਜਾਬ ਵਿਰੋਧੀ ਬਣਾਏ ਜਾ ਰਹੇ ਕਾਨੂੰਨਾਂ ਖ਼ਿਲਾਫ਼ ਕਿਸਾਨ ਰੋਹ ਹੋਰ ਪ੍ਰਚੰਡ ਹੋ ਰਿਹਾ ਹੈ। ਕਿਸਾਨ ਅੰਦੋਲਨ ਨੂੰ ਕਰੀਬ ਇੱਕ ਮਹੀਨਾ ਹੋਣ ਦੇ ਬਾਵਜੂਦ ਕਿਸਾਨਾਂ ’ਚ ਸੰਘਰਸ਼ੀ ਜ਼ੋਸ਼ ਬਰਕਰਾਰ ਹੈ। ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦਾ ਸੀਜ਼ਨ ਹੋਣ ਦੇ ਬਾਵਜੂਦ ਕਿਸਾਨ ਵੱਡੀ ਤਾਦਾਦ ’ਚ ਸੰਘਰਸ਼ ’ਚ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਕਿਸਾਨ ਬੁਲਾਰਿਆਂ ਨੇ ਅੱਜ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਜਿੰਨੇ ਮਰਜ਼ੀ ਪੰਜਾਬ ਤੇ ਕਿਸਾਨ ਵਿਰੋਧੀ ਕਾਨੂੰਨ ਬਣਾ ਲਏ ਜਾਂ ਆਰਡੀਨੈਂਸ ਜਾਰੀ ਕਰ ਲਏ ਪਰ ਕਿਸਾਨ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਤੇ ਨਾ ਹੀ ਝੁਕਣਗੇ। ਰੋਸ ਧਰਨੇ ਨੂੰ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਸਕੱਤਰ ਜਰਨੈਲ ਸਿੰਘ ਜਨਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ, ਬੀਕੇਯੂ ਡਕੌਂਦਾ ਦੇ ਆਗੂ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਕਾਕੜਾ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਰੋਹੀ ਸਿੰਘ ਮੰਗਵਾਲ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਰਿੰਦਰਪਾਲ ਸਿੰਘ, ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਲਏ ਜਾ ਰਹੇ ਪੰਜਾਬ ਤੇ ਕਿਸਾਨ ਵਿਰੋਧੀ ਫੈਸਲਿਆਂ ਦੀ ਸਖਤ ਨਿਖੇਧੀ ਕਰਦਿਆਂ ਮੋਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਝੋਨੇ ਦੀ ਪਰਾਲੀ ਦੇ ਮਸਲੇ ’ਤੇ ਕਾਨੂੰਨ ਬਣਾ ਕੇ, ਮਾਲ ਗੱਡੀਆਂ ਬੰਦ ਕਰਕੇ, ਦਿਹਾਤੀ ਵਿਕਾਸ ਫੰਡ ਰੋਕ ਕੇ ਅਤੇ ਵਿਆਜ ਮੁਆਫੀ ਵਿੱਚ ਕਟੌਤੀ ਕਰਕੇ ਕਿਸਾਨਾਂ ’ਤੇ ਦਬਾਅ ਪਾਉਣਾ ਚਾਹੁੰਦੀ ਹੈ ਕਿ ਕਿਸਾਨ ਸੰਘਰਸ਼ ਦੇ ਰਾਹ ਤੋਂ ਪਿੱਛੇ ਮੁੜ ਜਾਣ ਪਰ ਇਸ ਤਰੀਕੇ ਨਾਲ ਸੰਘਰਸ਼ ਹੋਰ ਵੀ ਪ੍ਰਚੰਡ ਹੋਵੇਗਾ ਤੇ ਇਨ੍ਹਾਂ ਲੋਕ ਵਿਰੋਧੀ ਕੇਂਦਰੀ ਨੀਤੀਆਂ ਖ਼ਿਲਾਫ਼ ਸਮੁੱਚੇ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ 5 ਨਵੰਬਰ ਦੇ ਚੱਕਾ ਜਾਮ ਦੇ ਸੱਦੇ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਪਿੰਡ ਪੱਧਰ ’ਤੇ ਤਿਆਰੀ ਮੁਹਿੰਮ ਭਖਾਈ ਜਾਵੇ।
ਟੌਲ ਪਲਾਜ਼ਿਆਂ ਤੇ ਰਿਲਾਇੰਸ ਪੰਪਾਂ ਅੱਗੇ ਧਰਨੇ ਜਾਰੀ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਟੌਲ ਪਲਾਜ਼ਾ ਕਾਲਾਝਾੜ, ਟੌਲ ਪਲਾਜ਼ਾ ਮਾਝੀ ਤੇ ਰਿਲਾਇੰਸ ਪੰਪ ਬਾਲਦ ਕਲਾਂ ’ਚ 32 ਵੇਂ ਦਿਨ ਵੀ ਧਰਨੇ ਜਾਰੀ ਰਹੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ’ਚ ਲਾਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ ਨੇ ਆਖਿਆ ਕਿ ਜਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਦੇ ਚਹੇਤੇ ਅਡਾਨੀ ਦੇ ਸਾਇਲੋ ਗੁਦਾਮ ਤੇ ਮੋਦੀ ਦੀਆਂ ਸੱਜੀਆਂ ਖੱਬੀਆਂ ਬਾਹਵਾਂ ਬਣਦੇ ਵੇਦਾਂਤਾ ਤੇ ਲਾਰਸਨ ਐਂਡ ਟੂਬਰੋ ਦੇ ਥਰਮਲ ਪਲਾਂਟਾਂ ਨੂੰ ਜਾਮ ਕਰਕੇ ਐਨ ਠੀਕ ਟਿਕਾਣੇ ’ਤੇ ਚੋਟ ਮਾਰੀ ਹੈ। ਇਸੇ ਕਾਰਨ ਮੋਦੀ ਸਰਕਾਰ ਭੜਕਾਹਟ ਵਿੱਚ ਆ ਕੇ ਮਾਲ ਗੱਡੀਆਂ ਤੇ ਦਿਹਾਤੀ ਵਿਕਾਸ ਫੰਡ ਰੋਕਣ ਲਈ ਪੰਜਾਬ ਦੀ ਨਾਕਾਬੰਦੀ ਕਰਨ ’ਤੇ ਉੱਤਰ ਆਈ ਹੈ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿੱਤ ਟੌਲ ਪਲਾਜ਼ਾ ਮਾਝੀ ਵਿੱਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਨਛੱਤਰ ਸਿੰਘ ਝਨੇੜੀ ਅਤੇ ਅੰਗਰੇਜ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਦੇਸ਼ ਪੱਧਰ ’ਤੇ ਏਕਤਾ ਮੋਦੀ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗੀ।