ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਨਿਰਵਿਘਨ ਖਰੀਦ ਲਈ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈਕੇ ਆਉਣ ਅਤੇ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਨਿਰਧਾਰਤ ਸਮੇਂ ਸੀਮਾ ਦੇ ਅੰਦਰ-ਅੰਦਰ ਝੋਨੇ ਦੀ ਸਰਕਾਰੀ ਖਰੀਦ ਕਰਵਾ ਕੇ ਅਦਾਇਗੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਲਈ ਬਾਰਦਾਨਾ ਦੇ ਪੁਖਤਾ ਇੰਤਾਜ਼ਮ ਕੀਤੇ ਜਾਣਗੇ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ-ਸੁਥਰੇ ਪਾਣੀ, ਬਿਜਲੀ, ਬੈਠਣ ਲਈ ਜਗ੍ਹਾ ਤੇ ਪਖਾਨਿਆਂ ਦੇ ਪ੍ਰਬੰਧ ਵੀ ਕੀਤੇ ਜਾਣਗੇ। ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਹੋਵੇਗੀ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਮੰਡੀਆਂ ਵਿੱਚ ਨਾ ਬੈਠਣਾ ਪਵੇ, ਇਸ ਲਈ ਮੰਡੀਆਂ ਵਿੱਚ ਫਸਲ ਦੀ ਨਾਲੋ-ਨਾਲ ਖਰੀਦ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਦੀ 24 ਘੰਟੇ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।