ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਅਤੇ ਬਲਾਕ ਸੁਨਾਮ ਵੱਲੋਂ ਪਿੰਡ ਮਹਿਲਾ ਚੌਕ ਦੀ ਇੱਕ ਗ਼ਰੀਬ ਪਰਿਵਾਰ ਦੀ ਲੜਕੀ ਨੂੰ ਇਨਸਾਫ ਦਿਵਾਉਣ ਲਈ ਥਾਣਾ ਛਾਜਲੀ ਅੱਗੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਕ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਅਤੇ ਪੀੜਤ ਲੜਕੀ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਵਾਨੀਗੜ੍ਹ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਗ਼ਰੀਬ ਪਰਿਵਾਰ ਦੀ ਲੜਕੀ ਜੋ ਨਾਭਾ ਵਿਖੇ ਵਿਆਹੀ ਸੀ, ਉਸ ਨੂੰ ਉਨ੍ਹਾਂ ਦੇ ਸਹੁਰੇ ਪਰਿਵਾਰ ਵੱਲੋਂ ਤੰਗ ਕੀਤਾ ਗਿਆ ਤੇ ਤੇ ਦਾਜ ਮੰਗਣ ਦੇ ਲਾਲਚ ਵਿੱਚ ਲੜਕੀ ਨੂੰ ਘਰੋਂ ਕੱਢ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵਲੋਂ ਜ਼ਿਲ੍ਹਾ ਪੁਲੀਸ ਮੁਖੀ ਅੱਗੇ ਪੇਸ਼ ਹੋ ਕੇ ਕਾਰਵਾਈ ਦੀ ਮੰਗ ਕੀਤੀ ਗਈ ਜਿਸ ’ਤੇ ਪੁਲੀਸ ਵਲੋਂ ਜਾਂਚ ਕਰਨ ’ਤੇ ਲੜਕੀ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਕੇਸ ਦਰਜ ਹੋਏ ਨੂੰ ਪੰਜ ਮਹੀਨੇ ਬੀਤ ਚੁੱਕੇ ਹਨ ਪਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਹੀ ਰੋਸ ਵਜੋਂ ਅੱਜ ਥਾਣਾ ਛਾਜਲੀ ਅੱਗੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤਾਂ ਕੀ ਕਰਨਾ ਸੀ ਸਗੋਂ ਪੀੜਤ ਪਰਿਵਾਰ ਨੂੰ ਹੀ ਧਮਕਾਇਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੁਲੀਸ ਵਲੋਂ ਕੇਸ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਅੱਠ ਦਿਨਾਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪ੍ਰੰਤੂ ਜੇਕਰ ਗ੍ਰਿਫ਼ਤਾਰੀ ਨਾ ਹੋਈ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਅਮਨਦੀਪ ਸਿੰਘ ਮਹਿਲਾਂ ਚੌਕ, ਗੁਰਸੇਵਕ ਸਿੰਘ ਛਾਜਲੀ, ਪਾਲਾ ਸਿੰਘ ਛਾਜਲਾ ਸਮੇਤ ਕਿਸਾਨ, ਮਜ਼ਦੂਰ ਅਤੇ ਔਰਤਾਂ ਵੀ ਸ਼ਾਮਲ ਸਨ।