ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਉਣ ਅਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਵਾਸਤੇ ਲਏ ਜਾ ਰਹੇ ਫੈਸਲੇ ਦਾ ਗੰਭੀਰ ਨੋਟਿਸ ਲਿਆ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣਾ ਨਹੀਂ ਚਾਹੁੰਦੇ ਪਰ ਜੇਕਰ ਸਰਕਾਰ ਪਰਾਲੀ ਦਾ ਕੋਈ ਠੋਸ ਪ੍ਰਬੰਧ ਨਹੀਂ ਕਰਦੀ ਤਾਂ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹੋਣਗੇ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਉਣ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਵਰਗੇ ਫੈਸਲੇ ਲੈ ਕੇ ਤਣਾਅ ਵਾਲਾ ਮਾਹੌਲ ਪੈਦਾ ਕਰ ਰਹੀ ਹੈ ਜਦੋਂ ਕਿ ਪਰਾਲੀ ਦਾ ਕੋਈ ਠੋਸ ਪ੍ਰਬੰਧ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪਰਾਲੀ ਦਾ ਕੋਈ ਠੋਸ ਪ੍ਰਬੰਧ ਨਹੀਂ ਕਰਦੀ ਤਾਂ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਹੋਣਾ ਪਵੇਗਾ ਅਤੇ ਜੇਕਰ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਰਕਾਰ ਕੋਈ ਕਾਰਵਾਈ ਕਰੇਗੀ ਤਾਂ ਉਸ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਹੋਰ ਦੇਸ਼ ਪਰਾਲੀ ਨੂੰ ਪਲਾਈ, ਇੱਟਾਂ, ਗੈਸ ਬਣਾਉਣ ਲਈ ਵਰਤ ਸਕਦੇ ਹਨ ਤਾਂ ਕੇਂਦਰ ਜਾਂ ਪੰਜਾਬ ਸਰਕਾਰ ਇਹ ਕਿਉਂ ਨਹੀਂ ਕਰ ਸਕਦੀ।
ਉੱਧਰ, ਜਥੇਬੰਦੀ ਦੀ ਬਲਾਕ ਮੂਨਕ ਇਕਾਈ ਦੀ ਮੀਟਿੰਗ ਪਿੰਡ ਮੰਡਵੀਂ ਵਿੱਚ ਹੋਈ, ਜਿਸ ਵਿੱਚ 26 ਪਿੰਡਾਂ ਦੀਆਂ ਇਕਾਈਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਬਲਾਕ ਮੂਨਕ ਦੇ ਜਨਰਲ ਸਕੱਤਰ ਰਿੰਕੂ ਮੂਨਕ ਨੇ ਕਿਹਾ ਕਿ ਭਾਵੇਂ ਕਿ ਮੀਟਿੰਗ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਤਿਆਰੀ ਸਬੰਧੀ ਸੀ ਪਰ ਮੀਟਿੰਗ ਵਿੱਚ ਪਰਾਲੀ ਦਾ ਮੁੱਦਾ ਵੀ ਵਿਚਾਰਿਆ ਗਿਆ। ਮੀਟਿੰਗ ਦੌਰਾਨ ਫੈਸਲਾ ਲਿਆ ਕਿ ਜੇਕਰ ਸਰਕਾਰ ਨੇ ਪਰਾਲੀ ਦਾ ਕੋਈ ਬਦਲਵਾਂ ਪ੍ਰਬੰਧ ਨਾ ਕੀਤਾ ਤਾਂ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹੋਣਗੇ।