ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ
ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ ਲਈ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਅੱਜ ਪਿੰਡ ਹਥਨ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇੱਥੇ ਸਭ ਤੋਂ ਵੱਧ 8 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ, ਕਿਸਾਨਾਂ, ਸਰਪੰਚਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਨੁੱਕੜ ਮੀਟਿੰਗ ਕਰਕੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਪੈਦਾ ਕੀਤੀ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਕੁਲਵੀਰ ਸਿੰਘ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਇੰਜਨੀਅਰ ਗੁਰਮੇਹਰ ਸਿੰਘ ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ,ਸਰਪੰਚ ਹਥਨ ਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਿੜਕੇ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਲ 2022 ਵਿੱਚ 676, ਸਾਲ 2023 ਵਿੱਚ 413 ਅਤੇ ਪਿਛਲੇ ਸਾਲ ਕੇਵਲ 23 ਪਰਾਲੀ ਸਾੜਨ ਦੇ ਮਾਮਲੇ ਸੈਟਲਾਈਟ ਰਾਹੀਂ ਦਰਜ ਹੋਏ ਸਨ, ਜਿਨ੍ਹਾਂ ਵਿੱਚ ਲਗਾਤਾਰ ਕਿਸਾਨਾਂ ਦੇ ਸਹਿਯੋਗ ਨਾਲ ਗਿਰਾਵਟ ਆ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਤਿੜਕੇ ਨੇ ਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।