ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 31 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿੱਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਨਰਮੇ ਦੀ ਲਾਲ ਸੁੰਡੀ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਲਾਕੇ ਵਿੱਚ ਕਿਸੇ ਵੀ ਕਾਂਗਰਸੀ ਮੰਤਰੀ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ ਜੱਟਾਂ, ਚਮਕੌਰ ਸਿੰਘ ਲੱਡੀ, ਕਰਮ ਚੰਦ ਪੰਨਵਾਂ, ਕਸ਼ਮੀਰ ਸਿੰਘ ਆਲੋਅਰਖ, ਮਹਿੰਦਰ ਕੌਰ ਰਾਜਪੁਰਾ ਅਤੇ ਬਲਵਿੰਦਰ ਕੌਰ ਕਾਲਾਝਾੜ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਹੀ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਵੀ ਲੜਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਦੇ ਲਾਲ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਚੰਨੀ ਸਰਕਾਰ ਟਾਲਮਟੋਲ ਦੀ ਨੀਤੀ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਪੂਰਾ ਮੁਆਵਜ਼ਾ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿੱਚ ਵੀ ਧਰਨਾ ਜਾਰੀ ਰੱਖਿਆ ਗਿਆ।
ਕਿਸਾਨਾਂ ਨੂੰ ਕੇਂਦਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਸੁਨੇਹਾ
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਕੋਲ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਸੁਖਜੀਤ ਸਿੰਘ ਦੀ ਅਗਵਾਈ ਹੇਠ 393 ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਨਵੀਆਂ ਅਫਵਾਹਾਂ ਫੈਲਾ ਰਹੀ ਹੈ, ਜਿਸ ਵਿੱਚ ਦੀਵਾਲੀ ਤੋਂ ਲੈ ਕੇ ਗੁਰਪੁਰਬ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਇਹ ਸਭ ਧਰਨੇ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਹੁੰਦੀ ਹੁਣ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਕਰ ਲਿਆ ਜਾਂਦਾ। ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਚਾਲਾਂ ਵਿੱਚ ਨਾ ਆਉਣ।