ਲੌਂਗੋਵਾਲ ਥਾਣੇ ਅੱਗੇ ਡਟੇ ਰਹਿਣਗੇ ਕਿਸਾਨ
ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ
ਸੰਗਰੂਰ/ਲੌਂਗੋਵਾਲ, 23 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ 16 ਕਿਸਾਨ ਜਥੇਬੰਦੀਆਂ ਦੇ ਤਾਲਮੇਲ ਕੇਂਦਰ ਦੇ ਸੱਦੇ ਤਹਿਤ ਪੁਲੀਸ ਥਾਣਾ ਲੌਂਗੋਵਾਲ ਅੱਗੇ ਅੱਜ ਤੀਜੇ ਦਿਨ ਵੀ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ, ਔਰਤ ਵਿੰਗ ਦੀ ਆਗੂ ਬਲਜੀਤ ਕੌਰ ਕਿਲਾ ਭਰੀਆਂ, ਗੁਰਪ੍ਰੀਤ ਕੌਰ ਬਰਾਸ ਅਤੇ ਦਵਿੰਦਰ ਕੌਰ ਹਰਦਾਸਪੁਰ ਨੇ ਦੱਸਿਆ ਕਿ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ 16 ਜਥੇਬੰਦੀਆਂ ਦੇ ਆਗੂਆਂ ਮੀਟਿੰਗ ਹੋਈ ਹੈ, ਜਿਸ ਵਿੱਚ ਕਈ ਮੰਗਾਂ ’ਤੇ ਸਹਿਮਤੀ ਬਣ ਗਈ ਹੈ ਪਰ ਉਹ ਇਨ੍ਹਾਂ ਮੰਗਾਂ ਦੀ ਪੂਰਤੀ ਤੱਕ ਇਹ ਸੰਘਰਸ਼ ਜਾਰੀ ਰੱਖਣਗੇ। ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦੇਣ ਵਿੱਚ ਅਸਫ਼ਲ ਰਹੀ ਹੈ। ਆਗੂਆਂ ਨੇ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਬਾਰੇ ਜਾਣੂ ਕਰਵਾਇਆ। ਕਿਸਾਨ ਆਗੂ ਭੁਪਿੰਦਰ ਲੌਂਗੋਵਾਲ ਨੇ ਦੱਸਿਆ ਕਿ ਬਣੀ ਸਹਿਮਤੀ ਅਨੁਸਾਰ ਕਿਸਾਨ ਪ੍ਰੀਤਮ ਸਿੰਘ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਮਗਰੋਂ ਮ੍ਰਿਤਕ ਦੇਹ ਹਸਪਤਾਲ ਵਿੱਚ ਹੀ ਰੱਖੀ ਜਾਵੇਗੀ। ਧਰਨੇ ’ਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਸ਼ਮੂਲੀਅਤ ਕੀਤੀ।
ਉਗਰਾਹਾਂ ਵੱਲੋਂ ਸੰਗਰੂਰ ਵਿੱਚ ਰੋਸ ਮਾਰਚ
ਸੰਗਰੂਰ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਲੌਂਗੋਵਾਲ ਲਾਠੀਚਾਰਜ ਖ਼ਿਲਾਫ਼ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੀਤਾ ਅਤੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਸਥਾਨਕ ਅਨਾਜ ਮੰਡੀ ਵਿਚ ਇਕੱਠੇ ਹੋ ਕੇ ਪੁਲੀਸ ਲਾਠੀਚਾਰਜ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੀਤੀ।
ਕਿਸਾਨਾਂ ਵੱਲੋਂ ਮਲਵਿੰਦਰ ਕੰਗ ਦੇ ਬਿਆਨ ਦੀ ਨਿਖੇਧੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਤੇ ਗੁਰਲਾਲ ਸਿੰਘ ਪੰਡੋਰੀ ਨੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਹਰਿਆਣਾ ਦੀਆਂ ਜਥੇਬੰਦੀਆਂ ਕੇਂਦਰ ਖ਼ਿਲਾਫ਼ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਚੰਡੀਗੜ੍ਹ ਸ਼ਾਂਤਮਈ ਢੰਗ ਨਾਲ ਜਾਣ ਦੀ ਤਿਆਰੀ ਕਰ ਰਹੀਆਂ ਸਨ ਪਰ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਦੀ ਕਠਪੁਤਲੀ ਬਣ ਕੇ ਕਿਸਾਨ ਆਗੂਆਂ ਦੇ ਘਰਾਂ ਵਿੱਚ ਅੱਧੀ ਰਾਤ ਛਾਪੇ ਮਾਰ ਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਅਤੇ ਚੰਡੀਗੜ੍ਹ ਜਾਂਦੇ ਕਿਸਾਨਾਂ ਮਜ਼ਦੂਰਾਂ ’ਤੇ ਲਾਠੀਚਾਰਜ ਕਰਕੇ ਕਿਸਾਨ ਪ੍ਰੀਤਮ ਸਿੰਘ ਮੰਡੇਰ ਨੂੰ ਸ਼ਹੀਦ ਕਰ ਦਿੱਤਾ ਅਤੇ ਉਲਟਾ ਪਰਚਾ ਵੀ ਕਿਸਾਨਾਂ ਖ਼ਿਲਾਫ਼ ਦਰਜ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ।