ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਮਾਰਚ
ਇਥੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨ 8 ਮਾਰਚ ਨੂੰ 4-5 ਹਜ਼ਾਰ ਦੇ ਔਰਤਾਂ ਦਿੱਲੀ ਵੱਲ ਨੂੰ ਕੂਚ ਕਰਨਗੀਆਂ। ਇੱਥੇ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਕਈ ਮਹੀਨਿਆਂ ਤੋਂ ਲੱਗੇ ਧਰਨੇ ਵਿੱਚ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਦੱਸਿਆ ਕਿ ਦਿੱਲੀ ਜਾਣ ਦੀ ਤਿਆਰੀ ਮੁਕੰਮਲ ਕਰ ਲਈ ਗਈ। ਇਸ ਮੌਕੇ ਰਾਮਚੰਦ ਸਿੰਘ ਚੋਟੀਆਂ, ਜਗਸੀਰ ਸਿੰਘ ਖੰਡੇਬਾਦ, ਹਰਜਿੰਦਰ ਸਿੰਘ ਨੰਗਲਾ, ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ,ਰਾਮ ਸਿੰਘ ਢੀਂਡਸਾ ਕਾਰਜਕਾਰੀ ਪ੍ਰਧਾਨ, ਜਸ਼ਨਦੀਪ ਕੌਰ ਪਿਸ਼ੌਰ ਨੇ ਸੰਬੋਧਨ ਕੀਤਾ।
ਪਟਿਆਲਾ(ਸਰਬਜੀਤ ਭੰਗੂ, ਮੁਖਤਿਆਰ ਸਿੰਘ ਨੌਗਾਵਾਂ): ਅੱਠ ਮਾਰਚ ਨੂੰ ਦਿੱਲੀ ਵਿੱਚ ਸਿੰਘੂ ਹੱਦ ’ਤੇ ਜਾਰੀ ਧਰਨੇ ਦੌਰਾਨ ਮਨਾਏ ਜਾਣ ਵਾਲੇ ਕੌਮਾਂਤਰੀ ਮਹਿਲਾ ਦਿਵਸ ਲਈ ਅੱਜ ਪੰਜੋਲਾ ਤੋਂ ਬੀਬੀਆਂ ਦਾ ਇੱਕ ਜਥਾ ਰਵਾਨਾ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਦਾ) ਨਾਲ ਸੰਬੰਧਤ ਇਸ ਜਥੇ ਵਿੱਚ ਕਈ ਕਿਸਾਨ ਆਗੂ ਤੇ ਵਰਕਰ ਵੀ ਸ਼ਾਮਲ ਹਨ। ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ’ਤੇ ਮਨਜਿੰਦਰ ਸਿੰਘ, ਸਤਪਾਲ ਸਿੰਘ, ਗੁਰਮੀਤ ਸਿੰਘ, ਹਰਬੰਸ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਦੇ ਨਾਂ ਸ਼ਾਮਲ ਹਨ। ਇਸੇ ਦੌਰਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਦਾ ਕਹਿਣਾ ਸੀ ਕਿ ਇਸ ਸਬੰਧੀ ਪੰਜਾਬ ਭਰ ਵਿਚੋਂ ਅੱਜ ਵੱਡੀ ਪੱਧਰ ਜੋ ਅੱਠ ਮਾਰਚ ਨੂੰ ਮਹਿਲਾ ਦਿੱਲੀ ਵਿੱਚ ਮਨਾਏ ਜਾ ਰਹੇ ਮਹਿਲਾ ਦਿਵਸ ਵਿੱਚ ਵਧ ਚੜ੍ਹ ਕੇ ਸ਼ਿਰਕਤ ਕਰਨਗੇ ਤੇ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੇ ਜਥੇ ਰਵਾਨਾ ਹੋ ਰਹੇ ਹਨ।
ਲੱਡਾ ਟੌਲ ਪਲਾਜ਼ਾ ਕੋਲ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਧਰਨਾ ਜਾਰੀ
ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ, ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾਂ ਅੱਜ 157ਵੇਂ ਦਿਨ ਵਿੱਚ ਸ਼ਾਮਲ ਹੋ ਗਿਆ, ਅੱਜ ਵੀ ਕੇਂਦਰ ਸਰਕਾਰ ਤੇ ਅੰਬਾਨੀ ਤੇ ਅਡਾਨੀ ਹੋਰ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ। ਆਗੂਆਂ ਨੇ ਕਿਹਾ 8 ਮਾਰਚ ਨੂੰ ਔਰਤ ਦਿਵਸ ਮਨਾਇਆ ਜਾਵੇਗਾ ਇਸ ਨੂੰ ਸਫ਼ਲ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਗੁਰੀ ਮਾਨ ਧੂਰੀ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਪ੍ਰੀਤ ਕੌਰ, ਬਲਜੀਤ ਕੌਰ ਕੱਕੜਵਾਲ, ਹਾਜ਼ਰ ਸਨ।
ਕਾਲਾ ਦਿਵਸ ਮਨਾਇਆ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਟੌਲ ਪਲਾਜ਼ਾ ਮਾਝੀ ਵਿੱਚ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਭਰਭੂਰ ਸਿੰਘ ਮਾਝੀ, ਮੇਜਰ ਸਿੰਘ ਬਾਲਦ ਕਲਾਂ, ਕੁਲਵਿੰਦਰ ਕੌਰ ਬੇਗਮ, ਸਰੂਪ ਸਿੰਘ ਮਾਝੀ, ਹਰਦੀਪ ਸਿੰਘ ਨਕਟੇ ਅਤੇ ਅੰਗਰੇਜ਼ ਸਿੰਘ ਮਾਝੀ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਭਵਾਨੀਗੜ੍ਹ ਨੇੜੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕਰਦੀਆਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।