ਨਿਜੀ ਪੱਤਰ ਪ੍ਰੇਰਕ
ਸੰਗਰੂਰ, 26 ਨਵੰਬਰ
ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਕਿਸਾਨ ਅੰਦੋਲਨ ਦਾ ਇਕ ਵਰ੍ਹਾ ਮੁਕੰਮਲ ਹੋਣ ਉੱਤੇ ਕਿਹਾ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਦਿਆਂ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬ ਸਮੇਤ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨਾਂ ਦੇ ਇਸ ਹੌਸਲੇ ਅਤੇ ਦ੍ਰਿੜ ਇਰਾਦੇ ਲਈ ਉਹ ਉਨ੍ਹਾਂ ਨੂੰ ਸਲਾਮ ਕਰਦੇ ਹਨ।
ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਪਿਛਲੇ ਇੱਕ ਵਰ੍ਹੇ ਤੋਂ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ’ਤੇ ਆਪਣੀਆਂ ਹੱਕੀ ਮੰਗਾਂ ਲਈ ਬੈਠੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਹਨ ਜਿਨ੍ਹਾਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਗਰਮੀ, ਸਰਦੀ, ਮੀਂਹ, ਹਨੇਰੀ ਸਮੇਤ ਹੋਰ ਮੌਸਮੀ ਤੇ ਸਰਕਾਰੀ ਪੱਧਰ ਉੱਤੇ ਹੋਈ ਧੱਕੇਸ਼ਾਹੀ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਨੇ ਪੂਰੇ ਸਿਰੜ ਨਾਲ ਆਪਣੇ ਹੱਕਾਂ ਦੀ ਰਾਖੀ ਲਈ ਪਹਿਰਾ ਦਿੱਤਾ ਹੈ। ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨਾ ਪਿਆ ਅਤੇ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ ਦੇਣੀ ਪਈ ਅਤੇ ਇਹ ਲੋਕਤੰਤਰ ਦੀ ਜਿੱਤ ਹੈ।