ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਸਤੰਬਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਵੱਲੋਂ ਇਥੇ ਅਨਾਜ਼ ਮੰਡੀ ’ਚ ਇਕੱਠੇ ਹੋਣ ਮਗਰੋਂ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਖੇਤੀ ਬਿੱਲਾਂਂ ਦਾ ਜ਼ੋਰਦਾਰ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰ ਮਾਰੂ ਆਰਡੀਨੈਂਸਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਬੰਦ ਦੇ ਸੱਦੇ ਨੂੰ ਹਰ ਹਾਲਤ ’ਚ ਸਫ਼ਲ ਬਣਾਇਆ ਜਾਵੇਗਾ।
ਭਾਕਿਯੂ ਰਾਜੇਵਾਲ ਦੀ ਅਗਵਾਈ ਹੇਠ ਕਿਸਾਨ, ਆੜ੍ਹਤੀ, ਮੁਨੀਮ ਤੇ ਮਜ਼ਦੂਰ ਅਨਾਜ ਮੰਡੀ ’ਚ ਇਕੱਠੇ ਹੋਏ ਜਿਥੋਂ ਪ੍ਰਧਾਨ ਮੰਤਰੀ ਦਾ ਪੁਤਲਾ ਚੁੱਕ ਕੇ ਰੋਸ ਮਾਰਚ ਕੀਤਾ ਗਿਆ ਤੇ ਅਨਾਜ ਮੰਡੀ ਦੇ ਬਾਹਰ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਪੁਤਲਾ ਫ਼ੂਕਿਆ। ਇਸ ਮੌਕੇ ਭਾਕਿਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮੰਗਵਾਲ, ਬਲਵਿੰਦਰ ਸਿੰਘ ਬਡਰੁੱਖਾਂ ਤੇ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸੋਮ ਨਾਥ ਬਾਂਸਲ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਆਰਡੀਨੈਸਾਂ ਨੂੰ ਕਿਸਾਨ, ਆੜ੍ਹਤੀ ਤੇ ਮਜ਼ਦੂਰ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਸਮੁੱਚੇ ਦੇਸ਼ ਲਈ ਅਨਾਜ਼ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਤਬਾਹ ਕਰ ਰਹੇ ਹਨ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿਸਦੀ ਸਮੁੱਚੀ ਆਰਥਿਕਤਾ ਖੇਤੀ ਦੇ ਧੰਦੇ ’ਤੇ ਨਿਰਭਰ ਹੈ। ਜੇ ਕਿਸਾਨੀ ਤਬਾਹ ਹੋ ਗਈ ਤਾਂ ਪੰਜਾਬ ਦਾ ਹਰ ਵਰਗ ਤੇ ਹਰ ਕਾਰੋਬਾਰ ਪ੍ਰਭਾਵਿਤ ਹੋਵੇਗਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ) 31 ਕਿਸਾਨ ਜਥੇਬੰਦੀਆਂ ਦੇ ਤਿੰਨ ਬਿੱਲਾਂ ਖ਼ਿਲਾਫ਼ ਦਿੱਤੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਬਲਾਕ ਦੇ ਪਿੰਡਾਂ ’ਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪਿੰਡਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ, ਨਛੱਤਰ ਸਿੰਘ ਝਨੇੜੀ, ਰਣਧੀਰ ਸਿੰਘ ਭੱਟੀਵਾਲ ਤੇ ਬੁੱਧ ਸਿੰਘ ਬਾਲਦ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਆਖਰੀ ਦਮ ਤੱਕ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਖੇਤਾਂ ਨੂੰ ਬਚਾਉਣ ਲਈ ਆਰ ਪਾਰ ਦੀ ਲੜਾਈ ਕਰਨ ਲਈ ਤਿਆਰ ਹਨ ਤੇ ਇਨ੍ਹਾਂ ਖੇਤਾਂ ਨੂੰ ਕਿਸੇ ਵੀ ਕੀਮਤ ’ਤੇ ਵੱਡੇ ਘਰਾਣਿਆਂ ਨੂੰ ਖੋਹਣ ਨਹੀਂ ਦਿੱਤਾ ਜਾਵੇਗਾ। ਕੁਝ ਪਿੰਡਾਂ ਵਿੱਚ ਡਕੌਂਦਾ ਤੇ ਉਗਰਾਹਾਂ ਗਰੁੱਪ ਵੱਲੋਂ ਇਕੱਠੇ ਹੋ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ, ਟਰੱਕ ਯੂਨੀਅਨ ਭਵਾਨੀਗੜ੍ਹ ਤੇ ਪੈਪਸੀਕੋ ਵਰਕਰਜ਼ ਯੂਨੀਅਨ ਨੇ ਵੀ ਕਿਸਾਨ ਸੰਘਰਸ਼ ਦੀ ਹਿਮਾਇਤ ਕੀਤੀ।
ਇਸੇ ਤਰ੍ਹਾਂ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸ ਕਿਸਾਨ, ਮਜ਼ਦੂਰ, ਆੜ੍ਹਤੀਆਂ ਤੇ ਸਮੁੱਚੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦੇਣਗੇ।
ਦੇਵੀਗੜ੍ਹ (ਮੁਖਤਿਆਰ ਨੌਗਾਵਾਂ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਵਿਰੁੱਧ ਪਿੰਡ ਦੂਧਨਸਾਧਾਂ ਅਨਾਰ ਮੰਡੀ ’ਚ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਤੇ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਦੌਰਾਨ ਕਿਸਾਨਾਂ ਵੱਲੋਂ ਅਨਾਜ ਮੰਡੀ ਦੂਧਨਸਾਧਾਂ ਤੋਂ ਦੇਵੀਗੜ੍ਹ ਤੇ ਭੁਨਰਹੇੜੀ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਤਬਾਹ ਕਰਨ ਲਈ ਖੇਤੀ ਆਰਡੀਨੈਂਸ ਲਿਆਂਦਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਇਨ੍ਹਾਂ ਖੇਤੀ ਬਿੱਲਾਂ ਖ਼ਿਲਾਫ਼ ਮੈਦਾਨ ’ਚ ਡਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਬਿੱਲਾਂ ਦੇ ਵਿਰੋਧ ’ਚ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 24 ਸਤੰਬਰ ਤੱਕ ਪਿੰਡਾਂ ’ਚ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਮੋਦੀ ਦੇ ਪੁਤਲੇ ਫੂਕੇ ਜਾਣਗੇ ਤੇ 25 ਸਤੰਬਰ ਨੂੰ ਕਿਸਾਨਾਂ ਵੱਲੋਂ ਪੂਰੇ ਪੰਜਾਬ ’ਚ ਮੁਕੰਮਲ ਬੰਦ ਰੱਖ ਕੇ ਜਿਵੇਂ ਸਰਕਾਰਾਂ ਐਮਰਜੈਂਸੀ ਲਗਾਉਂਦੀਆਂ ਹਨ ਉਸੇ ਤਰ੍ਹਾਂ ਪੰਜਾਬ ਦੇ ਕਿਸਾਨ ਵੀ ਪੰਜਾਬ ’ਚ ਐਮਰਜੈਂਸੀ ਲਗਾਉਣਗੇ।