ਹਰਦੀਪ ਸਿੰਘ ਸੋਢੀ
ਧੂਰੀ, 25 ਅਗਸਤ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨੇੜਲੇ ਪਿੰਡ ਲੱਡਾ ਕੋਲ ਟੌਲ ਪਲਾਜ਼ਾ ’ਤੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 328ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਨੇ ਗੰਨੇ ਦੀਆਂ ਕੀਮਤਾਂ 360 ਰੁਪਏ ਕਰਕੇ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਕੀਤਾ ਹੈ ਜੋ ਸ਼ਲਾਘਾਯੋਗ ਕਦਮ ਹੈ। ਇਸ ਦੌਰਾਨ ਉਨ੍ਹਾਂ ਕਿਹਾ ਸੂਬਾ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੀ ਕੇਂਦਰ ਸਰਕਾਰ ’ਤੇ ਦਬਾਅ ਪਾਵੇ। ਉਨ੍ਹਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਕਰਮਜੀਤ ਸਿੰਘ ਪੇਧਨੀ ਤੇ ਗੁਰਜੀਤ ਸਿੰਘ ਲੱਡਾ ਸਣੇ ਹੋਰ ਆਗੂ ਹਾਜ਼ਰ ਸਨ।
ਅਮਰਗੜ੍ਹ (ਪੱਤਰ ਪ੍ਰੇਰਕ): ਟੌਲ ਪਲਾਜ਼ਾ ਮਾਹੋਰਾਣਾ ’ਤੇ ਕਿਸਾਨਾਂ ਵੱਲੋਂ ਲਗਾਏ ਧਰਨੇ ਦੇ 325ਵੇਂ ਦਿਨ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਰਿੰਦਰਜੀਤ ਸਿੰਘ ਸਲਾਰ, ਮਾਸਟਰ ਮਨਜੀਤ ਸਿੰਘ ਭੁੱਲਰਾਂ, ਮਾਸਟਰ ਬਲਬੀਰ ਸਿੰਘ, ਨੇਤਰ ਸਿੰਘ, ਅਵਤਾਰ ਸਿੰਘ ਤੋਲੇਵਾਲ, ਜੰਗ ਸਿੰਘ ਬਨਭੌਰਾ, ਭਗਵੰਤ ਸਿੰਘ ਤੇ ਰਾਜਦੀਪ ਸਿਘ ਨੇ ਕਿਹਾ ਕਿ ਦਿੱਲੀ ਮੋਰਚਾ ਸਫਲਤਾ ਵੱਲ ਵਧ ਰਿਹਾ ਹੈ। ਜਿੰਨੀ ਦੇਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਓਨੀ ਦੇਰ ਕਿਸਾਨ ਬਾਰਡਰਾਂ ’ਤੇ ਡਟੇ ਰਹਿਣਗੇ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਵਿੱਚ ਕਿਸਾਨ ਲਹਿਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਦੇਸ਼ ਦੇ ਸਾਰੇ ਕਿਸਾਨ ਇੱਕਜੁੱਟ ਹੋ ਕੇ ਮੋਦੀ ਸਰਕਾਰ ਦੇ ਸਾਹ ਸੂਤਣ ਲਈ ਕਾਹਲੇ ਹਨ।