ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 10 ਅਪਰੈਲ
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਅਤੇ ਸੂਲਰ ਘਰਾਟ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਐਸਡੀਐਮ ਦਿੜ੍ਹਬਾ, ਆਮ ਆਦਮੀ ਪਾਰਟੀ ਦੇ ਆਗੂ ਦਰਸ਼ਨ ਸਿੰਘ ਘੁਮਾਣ, ਸ਼ਹਿਰੀ ਪ੍ਰਧਾਨ ਇੰਦਰਜੀਤ ਸ਼ਰਮਾਂ, ਓਮ ਪ੍ਰ੍ਰਕਾਸ ਜ਼ਿੰਦਲ, ਨਿਰਭੈ ਸਿੰਘ ਨਿੱਕਾ ਖਨਾਲ ਕਲਾਂ, ਐਮਸੀ ਨਰੇਸ਼ ਕੁਮਾਰ ਦਿੜ੍ਹਬਾ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਤੇ ਆੜ੍ਹਤੀਏ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਵੇਗੀ ਕਿਉਂਕਿ ਮੱਖ ਮੰਤਰੀ ਭਗਵੰਤ ਮਾਨ ਨੇ ਖ਼ਰੀਦ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਪ੍ਰਸ਼ਾਸਨਿਕ ਪੱਧਰ ਤੇ ਅਧਿਕਾਰੀਆਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਉਪ ਮੰਡਲ ਮੈਜਿਸਟਰੇਟ ਲਗਾਤਾਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਜਿਣਸ ਦੀ ਸਮੇਂ ਸਿਰ ਅਦਾਇਗੀ, ਬਾਰਦਾਨੇ ਦੀ ਉਪਲੱਭਤਾ, ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ, ਕਿਸਾਨਾਂ ਅਤੇ ਮਜ਼ਦੂਰਾਂ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 9 ਲੱਖ ਟਨ ਮੀਟ੍ਰਿਕ ਟਨ ਕਣਕ ਪੁੱਜਣ ਦੀ ਸੰਭਾਵਨਾ ਹੈ।
ਵਾਅਦਿਆਂ ਨਾਲੋਂ ਵੀ ਦੁੱਗਣਾ ਕੰਮ ਕਰੇਗੀ ‘ਆਪ’ ਸਰਕਾਰ: ਕਟਾਰੀਆ
ਧੂਰੀ (ਖੇਤਰੀ ਪ੍ਰਤੀਨਿਧ): ਵਿਧਾਨ ਸਭਾ ਹਲਕਾ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਇਥੇ ਆਮ ਆਦਮੀ ਪਾਰਟੀ ਘੱਟ ਗਿਣਤੀ ਸੈੱਲ ਦੇ ਜ਼ਿਲਾ ਪ੍ਰਧਾਨ ਡਾ. ਅਨਵਰ ਭਸੌੜ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਨ੍ਹਾਂ ਉਮੀਦਾਂ ਅਤੇ ਆਸਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੇ ‘ਆਪ’ ਵਿੱਚ ਭਰੋਸਾ ਪ੍ਰਗਟਾਇਆ ਹੈ ਤੇ ‘ਆਪ’ ਸਰਕਾਰ ਉਸ ਤੋਂ ਦੁੱਗਣਾ ਕੰਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਥੋੜ੍ਹਾ ਸਬਰ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣਾ ਘਰ ਬਦਲਦਾ ਹੈ ਤਾਂ ਵੀ ਇੱਕ-ਦੋ ਮਹੀਨੇ ਤਾਂ ਘਰ ਬਾਰ ਦੀ ਸੈਟਿੰਗ ਕਰਨ ਨੂੰ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਕੀਤਾ ਹਰੇਕ ਵਾਅਦਾ ਪੂਰਾ ਕਰੇਗੀ ਅਤੇ ਬਹੁਤੇ ਜ਼ਿਲ੍ਹਾ ਦਫ਼ਤਰਾਂ ’ਤੇ ਮੁੱਖ ਮੰਤਰੀ ਦਫ਼ਤਰ ਖੋਲ੍ਹੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਦੇ ਕੰਮ ਬਗੈਰ ਕਿਸੇ ਖੱਜਲ-ਖੁਆਰੀ ਤੋਂ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਜਿੱਥੇ ਚਿੱਟੇ, ਗੈਂਗਸਟਰਾਂ ਦੇ ਖਾਤਮੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਭਿ੍ਸ਼ਟਾਚਾਰ ਮੁਕਤ ਰਾਜ ਪ੍ਰਬੰਧ ਦੇਣਾ ‘ਆਪ ਸਰਕਾਰ’ ਦਾ ਮੁੱਢਲਾ ਕੰਮ ਹੈ। ਇਸ ਮੌਕੇ ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ, ਅਮਰਦੀਪ ਸਿੰਘ ਧਾਂਦਰਾ, ਭਿੰਦਾ ਵਿਰਕ, ਗੁਰਜੀਤ ਸਿੰਘ ਕਾਂਝਲਾ, ਯਸ਼ਪਾਲ ਗੋਇਲ, ਜਰਨੈਲ ਸਿੰਘ, ਬੰਤ ਸਿੰਘ ਵਿਰਕ ਆਦਿ ਵੀ ਹਾਜ਼ਰ ਸਨ।