ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਅਪਰੈਲ
ਡੀਐੱਸਪੀ ਸਿਟੀ 2 ਮੋਹਿਤ ਅਗਰਵਾਲ ਦੀ ਅਗਵਾਈ ਹੇਠ ਥਾਣਾ ਅਨਾਜ ਮੰਡੀ ਪਟਿਆਲਾ ਦੇ ਐੱਸਐੱਚਓ ਗਗਨਦੀਪ ਸਿੰਘ ਤੇ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਪੰਜ ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਹ ਜਾਣਕਾਰੀ ਐੱਸਪੀ (ਇਨਵੈਸ਼ਟੀਗੇਸ਼ਨ) ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸਿਟੀ 2 ਮੋਹਿਤ ਅਗਰਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਵਿੱਚ ਧਰਮਪਾਲ ਸ਼ਰਮਾ ਅਤੇ ਬਲਵੀਰ ਸਿੰਘ ਭੂੰਡੀ ਸ਼ਾਮਲ ਹਨ। ਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ੀ ’ਤੇ ਪੰਜ ਕਿਲੋ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਧਰਮਪਾਲ ਸ਼ਰਮਾ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ ਹੇਠ ਅੰਬਾਲਾ ਤੇ ਪਟਿਆਲਾ ’ਚ ਵੀ ਇੱਕ-ਇੱਕ ਕੇਸ ਦਰਜ ਹੈ ਜਦਕਿ ਬਲਵੀਰ ਸਿੰਘ ਦੇ ਖ਼ਿਲਾਫ਼ ਨਸ਼ਾ ਤਸਕਰੀ ਦਾ ਹੀ ਰਾਜਪੁਰਾ ਥਾਣੇ ’ਚ ਇੱਕ ਕੇਸ ਦਰਜ ਹੈ। ਉੱਧਰ, ਥਾਣਾ ਅਨਾਜ ਮੰਡੀ ਦੇ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। ਇਸ ਦੌਰਾਨ ਐੱਸਪੀ (ਡੀ) ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਤੇ ਪੁਲੀਸ ਨੇ ਗਸ਼ਤ ਦੌਰਾਨ ਸਾਧੂ ਬੇਲਾ ਰੋਡ ਅਰਬਨ ਅਸਟੇਟ ਤੋਂ ਇੱਕ ਮੋਟਰਸਾਈਕਲ ਸਵਾਰ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਹਿਚਾਣ ਰਾਮ ਸਿੰਘ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਦਸ ਕਿਲੋ ਭੁੱਕੀ ਬਰਾਮਦ
ਅਮਰਗੜ੍ਹ (ਪੱਤਰ ਪ੍ਰੇਰਕ): ਸਥਾਨਕ ਪੁਲੀਸ ਨੇ 10 ਕਿਲੋ ਭੁੱਕੀ ਫੜਣ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਕ ਮੁਖਬਰ ਦੀ ਇਤਲਾਹ ’ਤੇ ਐੱਸ ਆਈ ਨਿਰਭੈ ਸਿੰਘ, ਏਐੱਸਆਈ ਮੱਘਰ ਸਿੰਘ ਤੇ ਪੁਲੀਸ ਪਾਰਟੀ ਨੇ ਪੱਪੂ ਸਿੰਘ ਉੱਰਫ ਸੁਮਨੀ ਅਤੇ ਹਰਨੇਕ ਸਿੰਘ ਉਰਫ਼ ਮਨਾ ਵਾਸੀ ਬਾਹਰਲਾ ਵੇਹੜਾ ਬਾਗੜੀਆਂ ਨੂੰ ਸਕੂਟਰੀ ਸਮੇਤ ਕਾਬੂ ਕਰ ਕੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 10 ਕਿਲੋ ਭੁੱਕੀ ਬਰਾਮਦ ਹੋਈ। ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਦੋ ਜਣੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ
ਰਾਜਪੁਰਾ: ਥਾਣਾ ਸਦਰ ਦੇ ਮੁਖੀ ਇੰਸਪੈਕਟਰ ਅਮਨਦੀਪ ਤਰੀਕਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਦੀਪ ਕੌਰ ਨੇ ਸਮੇਤ ਪੁਲੀਸ ਪਾਰਟੀ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ’ਤੇ ਉਪਲਹੇੜੀ ਨੇੜੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀ ਹੈਦਰ ਅਲੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2304 ਨਸ਼ੀਲੇ ਕੈਪਸੂਲ ਬਰਾਮਦ ਹੋਣ ’ਤੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਏਜੀਐੱਮ ਰਿਜੌਰਟ ਨੇੜੇ ਨਾਕਾਬੰਦੀ ਦੌਰਾਨ ਨਿਰਭੈ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ 400 ਗ੍ਰਾਮ ਅਫ਼ੀਮ ਬਰਾਮਦ ਹੋਣ ’ਤੇ ਉਸ ਖਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ