ਖੇਤਰੀ ਪ੍ਰਤੀਨਿਧ
ਧੂਰੀ, 19 ਸਤੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂੰ, ਜਗਰੂਪ ਸਿੰਘ, ਰਮਨਪ੍ਰੀਤ ਕੌਰ ਮਾਨ ਅਤੇ ਰਾਜੇਸ਼ ਸਿੰਘ ਮੌੜ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਹੱਕ ’ਚ ਸ਼ਹਿਰ ’ਚ ਝੰਡਾ ਮਾਰਚ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਆਊਟਸੋਰਸਿੰਗ, ਇਨਲਿਸਟਮੈਂਟ ਅਤੇ ਠੇਕਾ ਆਧਾਰਿਤ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ 13 ਸਤੰਬਰ ਨੂੰ ਧੂਰੀ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਮੌਕੇ ’ਤੇ ਵਿੱਤ ਮੰਤਰੀ ਪੰਜਾਬ ਵੱਲੋਂ ਭਰੋਸਾ ਦੇਣ ਅਤੇ ਲੋਕਾਂ ਦੀ ਅਪੀਲ ’ਤੇ ਪੱਕਾ ਮੋਰਚਾ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਜਿੱਥੇ 30 ਸਤੰਬਰ ਤੱਕ ਮੰਗਾਂ ਸਬੰਧੀ ਇੱਕ ਹੋਰ ਮੀਟਿੰਗ ਕਰਨ ਦਾ ਵਾਅਦਾ ਕੀਤਾ ਗਿਆ ਸੀ, ਉੱਥੇ 15 ਸਤੰਬਰ ਤੱਕ ਮੋਰਚੇ ਨਾਲ ਪਿਛਲੀਆਂ ਮੀਟਿੰਗਾਂ ਦੀ ਪ੍ਰੋਸੀਡਿੰਗ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਦਿੱਤੇ ਸਮੇਂ ਮੁਤਾਬਕ ਪ੍ਰੋਸੀਡਿੰਗ ਮੁਹੱਈਆ ਨਹੀਂ ਕਰਵਾਈ ਗਈ। ਆਗੂਆਂ ਨੇ ਮੁਫ਼ਤ ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ, ਆਟਾ-ਦਾਲ ਸਕੀਮ ਵੰਡ ਚਾਲੂ ਰੱਖਣ ਅਤੇ ਵਿਭਾਗਾਂ ਦੇ ਆਊਟਸੋਰਸਿੰਗ, ਇਨਲਿਸਟਮੈਂਟ ਤੇ ਠੇਕਾ ਆਧਾਰਿਤ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ 30 ਸਤੰਬਰ ਤੱਕ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 5 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸਰਕਾਰ ਦੇ ਰਾਵਣ ਰੂਪੀ ਪੁਤਲੇ ਫੂਕੇ ਜਾਣਗੇ ਅਤੇ 7 ਅਕਤੂਬਰ ਨੂੰ ਧੂਰੀ ਵਿੱਚ ਹਾਈਵੇਅ ਜਾਮ ਕੀਤਾ ਜਾਵੇਗਾ।