ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਫਰਵਰੀ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਦੀ ਨਿਗਰਾਨੀ ਹੇਠ ਪੁਲੀਸ ਅਤੇ ਆਬਕਾਰੀ ਵਿਭਾਗ ਵੱਲੋਂ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ।
ਇਸ ਫਲੈਗ ਮਾਰਚ ਵਿੱਚ ਖਰਚਾ ਅਬਜ਼ਰਬਰ ਸੁਭਾਸ਼ ਚੰਦਰ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਜਾਂ ਸਟੋਰ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਏਈਟੀਸੀ ਨੇ ਦੱਸਿਆ ਕਿ ਪੰਜਾਬ ਦੇ ਹਰਿਆਣਾ ਨਾਲ ਲਗਦੇ ਪ੍ਰਮੁੱਖ ਰਸਤਿਆਂ ਤੋਂ ਇਲਾਵਾ ਛੋਟੇ ਰਸਤਿਆਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਵਿਧਾਨ ਸਭਾ ਹਲਕੇ ਵਾਈਜ਼ ਚੈਕਿੰਗ ਟੀਮਾਂ ਦਾ ਗਠਨ ਕਰਕੇ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ। ਆਮ ਪਬਲਿਕ ਨੂੰ ਸੂਚਿਤ ਕੀਤਾ ਗਿਆ ਕਿ ਜੇਕਰ ਕਿਸੇ ਵਿਅਕਤੀ ਤੋਂ ਨਾਜਾਇਜ਼ ਸ਼ਰਾਬ/ਨਸ਼ੀਲੇ ਪਦਾਰਥਾਂ ਦੀ ਰਿਕਵਰੀ ਹੁੰਦੀ ਹੈ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਪੁਲੀਸ ਅਧਿਕਾਰੀਆਂ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਕਿ ਚੋਣਾਂ ਦੇ ਕੰਮ ਨੂੰ ਅਮਨ-ਸ਼ਾਂਤੀ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ ਤੱਕ ਪੋਲਿੰਗ ਮੁਕੰਮਲ ਹੋਣ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ ਜਿਸ ਦੌਰਾਨ ਸ਼ਰਾਬ ਦੇ ਠੇਕੇ, ਬਾਰ ਅਤੇ ਜਿਸ ਜਗਾਹ ਸ਼ਰਾਬ ਵੇਚੀ ਜਾਂ ਪਿਲਾਈ ਜਾਂਦੀ ਹੈ, ਬੰਦ ਰਹਿਣਗੇ।