ਹੜ੍ਹ ਰੋਕੂ ਪ੍ਰਬੰਧ: ਡੀਸੀ ਦੀ ਆਗਿਆ ਤੋਂ ਬਿਨਾਂ ਸਟੇਸ਼ਨ ਨਾ ਛੱਡਣ ਦੇ ਹੁਕਮ
ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਜੂਨ
ਆਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਅਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ (ਡਿਪਟੀ ਕਮਿਸ਼ਨਰ) ਦੀ ਲਿਖਤੀ ਆਗਿਆ ਤੋਂ ਬਿਨਾਂ ਸਟੇਸ਼ਨ ਨਾ ਛੱਡਣ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਂ ਰਹਿੰਦਿਆਂ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵ) ਸੁਖਚੈਨ ਸਿੰਘ ਪਪੜਾ, ਸਾਰੇ ਐੱਸਡੀਐੱਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਜੁਲਾਈ ਨੂੰ ਮੌਨਸੂਨ ਆਉਣ ਦੀ ਸੰਭਾਵਨਾ ਹੈ। ਇਸ ਵਾਰ ਪਿਛਲੇ ਸਾਲਾਂ ਨਾਲੋਂ ਵੱਧ ਮੀਂਹ ਪੈਣ ਦਾ ਵੀ ਖ਼ਦਸ਼ਾ ਹੈ। ਅਜਿਹੀ ਸਥਿਤੀ ਵਿੱਚ ਜੇਕਰ ਹੜ੍ਹ ਆਉਂਦਾ ਹੈ ਤਾਂ ਫੌਰੀ ਤੌਰ ਉੱਤੇ ਰਾਹਤ ਕਾਰਜ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਧਿਕਾਰੀ ਬਿਨਾਂ ਦੱਸੇ ਸਟੇਸ਼ਨ ਛੱਡ ਜਾਂਦੇ ਹਨ ਜਿਸ ਕਾਰਨ ਰਾਹਤ ਕਾਰਜ ਪ੍ਰਭਾਵਿਤ ਹੋ ਸਕਦੇ ਹਨ। ਇਸ ਤੋਂ ਬਚਣ ਲਈ ਉਨ੍ਹਾਂ ਅਧਿਕਾਰੀਆਂ ਨੂੰ ਬਿਨਾਂ ਆਗਿਆ ਸਟੇਸ਼ਨ ਤੋਂ ਬਾਹਰ ਨਾ ਜਾਣ ਲਈ ਕਿਹਾ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਬਾਰੇ ਵੀ ਕਿਹਾ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਡਿਸਟ੍ਰਿਕ ਡਿਜ਼ਾਸਟਰ ਮੈਨੇਜਮੈਂਟ ਪਲਾਨ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ ਕਿ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰੋਂ ਲੰਘਦੇ ਘੱਗਰ ਦਰਿਆ ਦੀ ਸਫ਼ਾਈ ਦਾ ਕੰਮ 30 ਜੂਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ। ਸਾਈਫਨ ਦੀ ਸਫ਼ਾਈ ਵੀ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਸ਼ਹਿਰਾਂ ਵਿੱਚ ਪਾਣੀ ਰੁਕਿਆ ਤਾਂ ਲਈ ਕਾਰਜਕਾਰੀ ਅਫ਼ਸਰ ਨਿੱਜੀ ਤੌਰ ਉੱਤੇ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਪ੍ਰਬੰਧ ਸਮੇਂ ਸਿਰ ਮੁਕੰਮਲ ਨਾ ਹੋਣ ਦੀ ਸੂਰਤ ਵਿੱਚ ਇੱਕ ਦੂਜੇ ਖ਼ਿਲਾਫ਼ ਦੋਸ਼ ਮੜ੍ਹਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਵਿੱਚ ਹਾਜ਼ਰ ਡਰੇਨੇਜ ਵਿਭਾਗ ਦੇ ਐਕਸੀਅਨ ਗੁਨਦੀਪ ਬਾਂਸਲ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ 25000 ਕਿਊਸਿਕ ਪਾਣੀ ਚੱਲਣ ਦੀ ਸਮਰੱਥਾ ਹੈ। ਪਿਛਲੇ ਸਾਲ 745-46 ਫੁੱਟ ਤੱਕ ਪਾਣੀ ਚੱਲਿਆ ਸੀ। ਇਸ ਵਾਰ ਵੀ ਉਮੀਦ ਹੈ ਕਿ ਪਾਣੀ ਇਸ ਪੱਧਰ ਤੋਂ ਘੱਟ ਹੀ ਚੱਲੇਗਾ।