ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਖਾਣੇ ਦੀ ਜਾਂਚ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦਾ ਦੌਰਾ ਕੀਤਾ ਗਿਆ। ਸਕੂਲਾਂ ਵਿੱਚ ਬੱਚਿਆਂ ਲਈ ਬਣੇ ਮਿੱਡ-ਡੇਅ ਮੀਲ ਦੀ ਜਾਂਚ ਕੀਤੀ ਗਈ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਨਿਊਟਰੀ ਗਾਰਡਨ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਦੀਆਂ ਮਾਵਾਂ ਨਾਲ ਗੱਲਬਾਤ ਕਰਦਿਆਂ ਮਿਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਸ੍ਰੀ ਸੇਖੋਂ ਨੇ ਨਿਰਦੇਸ਼ ਦਿੱਤੇ ਕਿ ਮਿੱਡ-ਡੇਅ ਮੀਲ ਬਣਾਉਣ ਵਾਲੇ ਕੁੱਕ ਸਿਰ ਢੱਕ ਕੇ ਅਤੇ ਹੱਥ ਧੋ ਕੇ ਖਾਣਾ ਬਣਾਉਣ ਤੇ ਨਾਲ ਹੀ ਉਨ੍ਹਾਂ ਦੀ ਡਾਕਟਰੀ ਜਾਂਚ ਲਾਜ਼ਮੀ ਤੌਰ ’ਤੇ ਹੋਵੇ। ਸਰਕਾਰੀ ਪ੍ਰਾਇਮਰੀ ਸਕੂਲ ਅਨਾਜ ਮੰਡੀ ਵਿੱਚ ਬਣੇ ਆਂਗਣਵਾੜੀ ਸੈਂਟਰ, ਪਿੰਡ ਮੰਗਵਾਲ ਦੇ ਆਂਗਣਵਾੜੀ ਸੈਂਟਰ ਅਤੇ ਸਰਕਾਰੀ ਗਰਲਜ਼ ਸਕੂਲ ਸੰਗਰੂਰ ਦਾ ਦੌਰਾ ਕਰਨ ਤੋਂ ਬਾਅਦ ਜਸਵੀਰ ਸਿੰਘ ਸੇਖੋਂ ਨੇ ਰਾਸ਼ਨ ਵੰਡ ਪ੍ਰਕਿਰਿਆ, ਮਿੱਡ-ਡੇਅ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਸੇਖੋਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐੱਫ.ਐੱਸ.ਸੀ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿੱਪੂਆਂ ਦੇ ਬਾਹਰ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਅਤੇ ਸੰਪਰਕ ਵੇਰਵੇ ਲਿਖੇ ਜਾਣ ਤਾਂ ਜੋ ਲੋਕ ਸ਼ਿਕਾਇਤਾਂ ਸਿੱਧਾ ਕਮਿਸ਼ਨ ਤੱਕ ਪਹੁੰਚਾ ਸਕਣ। ਸ੍ਰੀ ਸੇਖੋਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਉਨ੍ਹਾਂ ਆਂਗਣਵਾੜੀ ਸੈਂਟਰਾਂ ਵਿੱਚ ਹਰਬਲ ਗਾਰਡਨ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਜਿੱਥੇ ਜਗ੍ਹਾ ਦੀ ਉਪਲਬਧਤਾ ਹੈ।
ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਆਰ ਓ ਲਾਉਣ ਦੀ ਹਦਾਇਤ
Advertisementਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਾਉਣੇ ਯਕੀਨੀ ਬਣਾਏ ਜਾਣ। ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲੱਗੇ ਆਰ.ਓ. ਦਾ ਟੀ.ਡੀ.ਐੱਸ ਚੈੱਕ ਕਰਨ ਸਮੇਤ ਖ਼ਰਾਬ ਆਰ.ਓ. ਨੂੰ ਠੀਕ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।
