ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਕਮਿਸ਼ਨਰ ਸੇਫ਼ਟੀ ਰਾਖੀ ਵਿਨਾਇਕ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਵੱਲੋਂ ਮਿਠਾਈ ਦੀਆਂ ਦੁਕਾਨਾਂ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਮਿਠਾਈਆਂ ਅਤੇ ਹੋਰ ਖਾਣ ਵਾਲੇ ਪਦਾਰਥਾਂ ਦੇ ਨਮੂਨੇ ਵੀ ਭਰੇ ਗਏ। ਜ਼ਿਲ੍ਹਾ ਫੂਡ ਸੇਫ਼ਟੀ ਟੀਮ ਵੱਲੋਂ ਸ਼ਹਿਰ ਅੰਦਰ ਅਤੇ ਆਸ-ਪਾਸ ਦੇ ਵੱਖ-ਵੱਖ ਇਲਾਕਿਆਂ ਤੋਂ ਦੇਸੀ ਘਿਓ ਨਾਲ ਬਣੀਆਂ ਮਠਿਆਈਆਂ, ਸਿਲਵਰ ਵਰਕ ਵਾਲੀਆਂ ਮਠਿਆਈਆਂ, ਪੈਕੇਟ ਬੰਦ ਮਠਿਆਈਆਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ 6 ਨਮੂਨੇ ਲਏ ਗਏ, ਜਿਨ੍ਹਾਂ ’ਚੋਂ 5 ਖੋਏ ਅਤੇ ਇੱਕ ਮਿਲਕ ਕੇਕ ਦੇ ਨਮੂਨੇ ਲਏ ਗਏ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਏ ਗਏ ਨਮੂਨੇ ਸਟੇਟ ਫੂਡ ਲੈਬਾਰਟਰੀ ਖਰੜ ਵਿੱਚ ਜਾਂਚ ਲਈ ਭੇਜ ਦਿੱਤੇ ਗਏ ਹਨ। ਇਨ੍ਹਾਂ ਨਮੂਨਿਆਂ ਦੀ ਰਿਪੋਰਟ ਆਉਣ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਫੂਡ ਸੇਫ਼ਟੀ ਤਹਿਤ ਉਚਿੱਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖ਼ੁਰਾਕੀ ਪਦਾਰਥਾਂ ਨਾਲ ਸਬੰਧਤ ਦੁਕਾਨਦਾਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਰੇਕ ਫੂਡ ਵਿਕਰੇਤਾ ਕੋਲ ਫੂਡ ਲਾਇਸੈਂਸ ਹੋਣਾ ਜ਼ਰੂਰੀ ਹੈ ਅਤੇ ਨਾਲ ਹੀ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਖ਼ੁਰਾਕ ਪਦਾਰਥਾਂ ’ਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਅਤੇ ਗੰਦਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਫੂਡ ਵਿਕਰੇਤਾ ਬਿਨਾਂ ਲਾਇਸੈਂਸ, ਗੰਦਗੀ ਜਾਂ ਮਿਲਾਵਟ ਕਰਦੇ ਹੋਏ ਜਾਂ ਫੂਡ ਸੇਫ਼ਟੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਗਿਆ ਤਾਂ ਉਸ ਖ਼ਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਉਚਿੱਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ, ਸਵੱਛ, ਸਿਹਤਮੰਦ ਅਤੇ ਸ਼ੁੱਧ ਭੋਜਨ ਉਪਲਬਧ ਕਰਵਾਉਣ ਲਈ ਭਵਿੱਖ ਵਿਚ ਵੀ ਵਿਭਾਗ ਵੱਲੋਂ ਜਾਂਚ ਮੁਹਿੰਮ ਜਾਰੀ ਰਹੇਗੀ।
+
Advertisement
Advertisement
Advertisement
Advertisement
Advertisement
×