ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 9 ਸਤੰਬਰ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪੇਂਡੂ ਖੇਤਰਾਂ ਵਿੱਚ ਵੱਸਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਨੂੰ ਯੋਜਨਾਬੱਧ ਢੰਗ ਨਾਲ ਦੂਰ ਕਰਨ ਲਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਸਿੱਧੇ ਤੌਰ ’ਤੇ ਲੋਕਾਂ ਕੋਲ ਪਹੁੰਚ ਕਰਨਗੀਆਂ। ਉਹ ਹਲਕੇ ਦੇ ਪਿੰਡ ਘਾਸੀਵਾਲਾ ’ਓ ਸਿਵਲ ਪਸ਼ੂ ਡਿਸਪੈਂਸਰੀ ਦਾ ਉਦਘਾਟਨ ਕਰਨ ਮਗਰੋਂ ਬੋਲ ਰਹੇ ਸਨ। ਉਨ੍ਹਾਂ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਸ੍ਰੀ ਅਰੋੜਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਦੀ ਮੁੱਢਲੀ ਰੂਪਰੇਖਾ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਅਗਲੇ ਹਫ਼ਤੇ ਤੋਂ ਸਰਕਾਰੀ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਕੋਲੋਂ ਬਕਾਇਆ ਕੰਮਾਂ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਇਕੱਤਰ ਕਰਨਗੇ ਅਤੇ ਫਿਰ ਪੜਾਅਵਾਰ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਸ੍ਰੀ ਅਰੋੜਾ ਨੇ ਕਿਹਾ ਕਿ ਰਵਾਇਤੀ ਫ਼ਸਲੀ ਚੱਕਰ ’ਚੋਂ ਨਿਕਲ ਕੇ ਸਹਾਇਕ ਕਿੱਤੇ ਅਪਣਾਉਣਾ ਸਮੇਂ ਦੀ ਲੋੜ ਬਣ ਗਿਆ ਹੈ। ਸ੍ਰੀ ਅਰੋੜਾ ਨੇ ਪਿੰਡ ਦੇ ਕੁਝ ਪਸ਼ੂ ਪਾਲਕਾਂ ਨੂੰ ‘ਪ੍ਰਾਜਨੀ ਟੈਸਟਿੰਗ ਸਕੀਮ’ ਤਹਿਤ ਚੈੱਕ ਵੀ ਵੰਡੇ। ਪਸ਼ੂਆਂ ਦੇ ਨਸਲ ਸੁਧਾਰ ਪ੍ਰੋਗਰਾਮ ਤਹਿਤ ਇਹ ਚੈੱਕ ਵੰਡੇ ਗਏ ਹਨ।
ਸ਼ਹੀਦ ਗੁਰਬਿੰਦਰ ਸਿੰਘ ਲਾਇਬ੍ਰੇਰੀ ਦਾ ਉਦਘਾਟਨ ਕੀਤਾ
ਚੀਮਾ ਮੰਡੀ (ਪੱਤਰ ਪ੍ਰੇਰਕ): ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਗੁਰਬਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਤੋਲਾਵਾਲ ’ਚ ਬਣਾਈ ਗਈ ਲਾਇਬ੍ਰੇਰੀ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸਰਪੰਚ ਮੇਵਾ ਸਿੰਘ ਤੋਲਾਵਾਲ, ‘ਆਪ’ ਆਗੂ ਦੀਪਾ ਸਿੰਘ ਆਦਿ ਹਾਜ਼ਰ ਸਨ।