ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਫ਼ਤ ਰਾਸ਼ਨ ਯੋਜਨਾ: ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟਣ ਨਹੀਂ ਦੇਵਾਂਗੇ: ਹਰਪਾਲ ਚੀਮਾ

ਕੇਂਦਰ ’ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼; ਡਾਟਾ ਚੋਰੀ ਕਰਨ ਵਾਲਿਆਂ ਖਿ਼ਲਾਫ਼ ਕਾਰਵਾਈ ਹੋਵੇਗੀ: ਵਿੱਤ ਮੰਤਰੀ
ਪਟਿਆਲਾ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਚੀਮਾ।
Advertisement

ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਪਟਿਆਲਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਯੋਜਨਾ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇਵਾਈਸੀ ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਸਾਜ਼ਿਸ਼ ਤਹਿਤ ਭਾਜਪਾ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ 8 ਲੱਖ 2 ਹਜ਼ਾਰ 493 ਰਾਸ਼ਨ ਕਾਰਡ ਰੱਦ ਕਰਨ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਇਸ ਗੱਲ ’ਤੇ ਉਤਾਰੂ ਹੋਈ ਹੈ ਕਿ ਪੰਜਾਬੀ ਦਾ ਡਾਟਾ ਚੋਰੀ ਕਰਕੇ ਉਸ ਨੂੰ ਤੋੜ ਮਰੋੜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਲਈ ਵੱਡਾ ਖਤਰਾ ਬਣੀ ਹੋਈ ਹੈ। ਜੇਕਰ ਉਹ ਇਸ ਗੱਲੋਂ ਪਿੱਛੇ ਨਾ ਹਟੇ ਤਾਂ ਭਾਜਪਾ ਆਗੂਆਂ ਖਿਲਾਫ ਕੇਸ ਦਰਜ ਹੋਣਗੇ। ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ ਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਆਦਿ ਹਾਜ਼ਰ ਸਨ।

ਲੋਕਾਂ ਦਾ ਰਾਸ਼ਨ ਖੋਹਣ ਦੇ ਰਾਹ ਪਈ ਕੇਂਦਰ ਸਰਕਾਰ: ਅਰੋੜਾ

Advertisement

ਸੰਗਰੂਰ (ਗੁਰਦੀਪ ਸਿੰਘ ਲਾਲੀ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ, ਪੰਜਾਬ ਦੇ ਕਰੀਬ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਦੇ ਰਾਸ਼ਨ ’ਤੇ ਡਾਕਾ ਮਾਰਨਾ ਚਾਹੁੰਦੀ ਹੈ ਪਰ ਪੰਜਾਬ ਸਰਕਾਰ ਕਿਸੇ ਵੀ ਲੋੜਵੰਦ ਦਾ ਰਾਸ਼ਨ ਖੋਹਣ ਨਹੀਂ ਦੇਵੇਗੀ। ਉਹ ਅੱਜ ਸਥਾਨਕ ਕੇਟੀ ਰੋਇਲ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਕੇਵਾਈਸੀ ਤੇ ਵੈਰੀਫਿਕੇਸ਼ਨ ਦੇ ਨਾਂ ’ਤੇ 23 ਲੱਖ ਲੋਕਾਂ ਦਾ ਰਾਸ਼ਨ ਰੋਕ ਰੱਖਿਆ ਹੈ ਤੇ ਹੁਣ ਪੰਜਾਬ ਸਰਕਾਰ ਨੂੰ ਨਵਾਂ ਤਾਨਾਸ਼ਾਹੀ ਫੁਰਮਾਨ ਜਾਰੀ ਕਰਦਿਆਂ 8 ਲੱਖ 2 ਹਜ਼ਾਰ 500 ਰਾਸ਼ਨ ਕਾਰਡ (ਕਰੀਬ 32 ਲੱਖ ਲੋਕ) ਕੱਟਣ ਲਈ ਕਿਹਾ ਹੈ। ਇਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੇ ਕਰੀਬ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੇ ਰਾਹ ਪਈ ਹੋਈ ਹੈ। ਪੰਜਾਬ ਵਿੱਚ ਭਾਜਪਾ ਵੱਲੋਂ ਕੈਂਪ ਲਗਾਉਣ ਉਪਰ ਕਾਰਵਾਈ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੁਲੀਸ ਨੂੰ ਉਨ੍ਹਾਂ ਕੈਂਪਾਂ ਵਿੱਚ ਲੋਕਾਂ ਤੋਂ ਪੈਸੇ ਲਏ ਜਾਣ ਅਤੇ ਲੋਕਾਂ ਤੇ ਬੈਂਕ ਖਾਤਿਆਂ ਦੇ ਵੇਰਵੇ ਲਏ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਐਸ.ਸੀ. ਕਮਿਸ਼ਨ ਮੈਂਬਰ ਗੁਲਜ਼ਾਰ ਸਿੰਘ ਬੌਬੀ, ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਆਦਿ ਮੌਜੂਦ ਸਨ।

Advertisement