ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮਾਂ ਲਈ ਫੁੱਲ ਡਰੈੱਸ ਰਿਹਰਸਲ
ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ। ਡੀਸੀ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈਟੀਓ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈਟੀਬੀਪੀ, ਜ਼ਿਲ੍ਹਾ ਪੁਲੀਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲੀਸ ਮਹਿਲਾ ਵਿੰਗ ਦੀ ਇਕ ਟੁਕੜੀ, ਪੰਜਾਬ ਹੋਮਗਾਰਡਜ਼, ਚੌਥੀ ਗਰਲਜ਼ ਬਟਾਲੀਅਨ, ਐਨ.ਸੀ.ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐੱਨਸੀਸੀ ਵਿੰਗ ਸਮੇਤ ਪੰਜਾਬ ਪੁਲਿਸ ਦੇ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਐੱਸਪੀ(ਐੱਚ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਮੌਕੇ ਸਥਾਨਕ ਜ਼ਾਕਿਰ ਹੁਸੈਨ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਡੀਸੀ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਮੌਕੇ ਪੁਲੀਸ ਲਾਈਨ ਖੇਡ ਸਟੇਡੀਅਮ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕੌਮੀ ਤਿਰੰਗਾ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਆਜ਼ਾਦੀ ਦਿਵਸ ਸਮਾਗਮ ਲਈ ਅੱਜ ਪੁਲੀਸ ਲਾਈਨ ਸਟੇਡੀਅਮ ਵਿੱਚ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਦਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਵਲੋਂ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵਲੋਂ ਰਿਹਰਸਲ ਦੌਰਾਨ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ ਅਤੇ ਬਾਅਦ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟਾਂ, ਬੈਂਡ ਵਲੋਂ ਪਰੇਡ ਵਿਚ ਹਿੱਸਾ ਲਿਆ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵਲੋਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਾਰੇ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਪੂਰਨ ਰੂਪ ਵਿਚ ਮੁਕੰਮਲ ਰੱਖਣ ਲਈ ਆਦੇਸ਼ ਦਿੱਤੇ।