ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਨਵੰਬਰ
ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਇਥੇ ਬੱਸ ਸਟੈਂਡ ਅੱਗੇ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਅਤੇ ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ‘ਆਪ’ ਸਰਕਾਰ ਅਨੁਸਾਰ ਠੇਕੇ ’ਤੇ ਕੋਈ ਭਰਤੀ ਨਹੀਂ ਹੋਵੇਗੀ ਪਰ ਸਭ ਕੁਝ ਇਸ ਤੋਂ ਉਲਟ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਤੋਂ ਅਸਮਰਥ ਹੈ ਅਤੇ ਆਊਟਸੋਰਸਿੰਗ ਤਹਿਤ 9100 ਰੁਪਏ ਤਨਖਾਹ ’ਤੇ ਭਰਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਅਣਟਰੇਂਡ ਡਰਾਈਵਰਾਂ ਦੀ ਆਊਸਸੋਰਸ ਨੀਤੀ ਰਾਹੀਂ ਭਰਤੀ ਕਰਨ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਰਵੱਈਏ ਵਿਰੁੱਧ ਕੱਚੇ ਮੁਲਾਜ਼ਮ ਰੋਸ ਧਰਨੇ ਦੇਣ ਲਈ ਮਜ਼ਬੂਰ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦੀਆਂ ਨੀਤੀਆਂ ਦਾ ਬੱਸਾਂ ਵਿੱਚ ਇਸ਼ਤਿਹਾਰ ਵੰਡ ਕੇ ਪਰਦਾਫਾਸ਼ ਕੀਤਾ ਜਾਵੇਗਾ।