ਖੇਤਰੀ ਪ੍ਰਤੀਨਿਧ
ਧੂਰੀ, 28 ਜੁਲਾਈ
ਅੱਜ ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਧੂਰੀ ਦੇ ਕਾਰਕੁਨਾਂ ਵੱਲੋਂ ਪ੍ਰਧਾਨ ਮਨੋਜ ਰਾਣੀ ਦੀ ਅਗਵਾਈ ਹੇਠ ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮਨੋਜ ਰਾਣੀ ਅਤੇ ਸਕੱਤਰ ਸੰਜੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਸਫ਼ਾਈ ਮਜ਼ਦੂਰਾਂ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੁਣ ਮਜ਼ਦੂਰਾਂ ਦੇ ਸਬਰ ਦਾ ਪਿਆਲਾ ਭਰਦਾ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਦੇ ਸਮੂਹ ਸਫ਼ਾਈ ਸੇਵਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਠੇਕੇਦਾਰੀ ਸਿਸਟਮ ਬੰਦ ਕਰਕੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣਾ, ਸ਼ਹਿਰ ਦੀਆਂ ਬੀਟਾਂ ਅਨੁਸਾਰ ਸਫ਼ਾਈ ਸੇਵਕਾਂ ਦੀ ਰੈਗੂਲਰ ਭਰਤੀ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ, 01.01.2000 ਦੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਮੁੜ ਤੋਂ ਬਹਾਲ ਕਰਨਾ ਸਮੇਤ ਮੰਗ ਪੱਤਰ ਵਿੱਚ ਦਰਜਜ ਸਾਰੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ 29 ਜੁਲਾਈ ਨੂੰ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਰੇਲਵੇ ਚੌਕ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ ਅਤੇ 6 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਧਰਮਪਾਲ, ਅਸ਼ੋਕ ਕੁਮਾਰ, ਪ੍ਰਵੀਨ ਕੁਮਾਰ, ਆਸ਼ੂ, ਸੁਮਿੱਤ ਅਤੇ ਭਾਰਤ ਆਦਿ ਵੀ ਹਾਜ਼ਰ ਸਨ।
ਖੇੜੀ ਗੰਡਿਆ ਵਾਸੀ ਦੂਸ਼ਿਤ ਪਾਣੀ ਤੋਂ ਪ੍ਰੇਸ਼ਾਨ
ਘਨੌਰ (ਪੱਤਰ ਪ੍ਰੇਰਕ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਮਾੜੀ ਕਾਰਗੁਜਾਰੀ ਕਾਰਨ ਵਿਭਾਗ ਦੀ ਰਾਜਪੁਰਾ ਸਬ ਡਵੀਜਨ ਦੇ ਪਿੰਡ ਖੇੜੀ ਗੰਡਿਆ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ। ਪਿੰਡ ਦੇ ਵਸਨੀਕ ਧਰਮਪਾਲ, ਬਲਵੀਰ ਸਿੰਘ, ਘੋਨਾ ਸਿੰਘ, ਕਾਕਾ ਸਿੰਘ ਅਤੇ ਬੱਲੂ ਰਾਮ ਸਮੇਤ ਹੋਰਨਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦੀ ਵਾਟਰ ਵਰਕਸ ਤੋਂ ਪਿੰਡ ਵਾਸੀਆਂ ਨੂੰ ਮਿਲ ਰਿਹਾ ਪੀਣ ਦਾ ਪਾਣੀ ਪਿਛਲੇ ਕੁਝ ਦਿਨਾਂ ਤੋਂ ਦੂਸ਼ਿਤ ਤੇ ਗੰਧਲਾ ਸਪਲਾਈ ਹੋ ਰਿਹਾ ਹੈ। ਜਿਸ ਕਾਰਨ ਪਿੰਡ ਵਾਸੀਆਂ ਦੇ ਬਿਮਾਰੀਆਂ ਦੀ ਗ੍ਰਿਫਤ ਵਿੱਚ ਆਉਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਪਿੰਡ ਵਾਸੀਆਂ ਦੇ ਕਹਿਣਾ ਹੈ ਕਿ ਉਹਨਾਂ ਵੱਲੋਂ ਸਬੰਧਤ ਅਧਿਕਾਰੀਆਂ ਕੋਲ ਪਹੁੰਚ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਪਿੰਡ ਵਾਸੀਆਂ ਨੂੰ ਪੀਣ ਲਈ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਸਬੰਧੀ ਸੰਪਰਕ ਕਰਨ ’ਤੇ ਐੱਸ.ਡੀ.ਓ. ਸੁਮਿਤ ਕੁਮਾਰ ਗਰਗ ਦਾ ਕਹਿਣਾ ਹੈ ਕਿ ਪਿੰਡ ਦੀ ਸੀਵਰੇਜ ਲਾਈਨ ਲੀਕ ਹੋਣ ਕਾਰਨ ਪਾਣੀ ਦੂਸ਼ਿਤ ਹੋ ਰਿਹਾ ਸੀ। ਸੀਵਰੇਜ ਲਾਈਨ ਦੀ ਮੁਰੰਮਤ ਕਰਵਾ ਦਿੱਤੀ ਗਈ ਹੈ।