ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਜੁਲਾਈ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਅਤੇ ਬੈਂਕਾਂ ਦੇ ਕਰਜ਼ਿਆਂ ਦੇ ਜਾਲ ਵਿੱਚ ਫਸੀਆਂ ਦਲਿਤ ਅਤੇ ਗਰੀਬ ਔਰਤਾਂ ਦੀ ਮੀਟਿੰਗ ਸਥਾਨਕ ਸੁਤੰਤਰ ਭਵਨ ਵਿੱਚ ਹੋਈ। ਮੀਟਿੰਗ ਦੌਰਾਨ ਮਜ਼ਦੂਰ ਮੁਕਤੀ ਮੋਰਚਾ ਨੇ ਐਲਾਨ ਕੀਤਾ ਕਿ ਔਰਤਾਂ ਨੂੰ ਕਰਜ਼ਾਮੁਕਤ ਕਰਨ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਜਿਸ ਦੀ ਸ਼ੁਰੂਆਤ 12 ਅਗਸਤ ਨੂੰ ਸੰਗਰੂਰ ਵਿੱਚ ਜ਼ਿਲ੍ਹਾ ਪੱਧਰੀ ‘‘ਔਰਤ ਕਰਜ਼ਾ ਮੁਕਤੀ ਰੈਲੀ’’ ਨਾਲ ਕੀਤੀ ਜਾਵੇਗੀ। ਮੀਟਿੰਗ ਦੌਰਾਨ ਔਰਤਾਂ ਵੱਲੋਂ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਅਤੇ ਬੈਂਕਾਂ ਦੀਆਂ ਕਿਸ਼ਤਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਤੇ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਕਰੋਨਾ ਮਹਾਮਾਰੀ ਦੀ ਆੜ ਵਿਚ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਪਾਸ ਕਰ ਰਹੀਆਂ ਹਨ। ਪਹਿਲਾਂ ਤੋਂ ਹੀ ਗਰੀਬੀ ਅਤੇ ਬੇਰੁਜ਼ਗਾਰੀ ਵਿਚ ਫਸੇ ਆਮ ਲੋਕਾਂ ਉੱਤੇ ਪੈਟਰੈਲ, ਡੀਜ਼ਲ, ਬਿਜਲੀ ਅਤੇ ਰੋਜ਼ ਦੀਆਂ ਵਸਤਾਂ ਦੇ ਰੇਟਾਂ ਵਿੱਚ ਭਾਰੀ ਵਾਧਾ ਕਰਕੇ ਗਰੀਬ ਲੋਕਾਂ ਨੂੰ ਭਾਰੀ ਆਰਥਿਕ ਸੰਕਟ ਵਿਚ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਅਮੀਰ ਘਰਾਣਿਆਂ ਦੇ ਅਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕਰ ਰਹੀਆਂ ਹਨ ਜਦੋਂ ਕਿ ਦੂਜੇ ਪਾਸੇ ਗਰੀਬ ਔਰਤਾਂ ਨੂੰ ਫਾਈਨਾਂਸ ਕੰਪਨੀਆਂ ਕਰਜ਼ਿਆਂ ਦੀ ਵਸੂਲੀ ਲਈ ਮਕਾਨ ਦੀ ਕੁਰਕੀ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਕਰਜ਼ਾ ਮੁਕਤੀ ਲਈ ਪੰਜਾਬ ਭਰ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਔਰਤਾਂ ਨੂੰ ਕਰਜ਼ਾ ਵਸੂਲੀ ਲਈ ਤੰਗ ਪ੍ਰੇਸ਼ਾਨ ਕਰਨ ਵਾਲੀਆਂ ਫਾਈਨਾਂਸ ਕੰਪਨੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।