ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਪਰੈਲ
ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਦੀ ਮੈਨੇਜਮੈਂਟ ਕਮੇਟੀ ਨੂੰ ਮੁਅੱਤਲ ਕਰਨ, ਡਿਪਟੀ ਕਮਿਸ਼ਨਰ ਨੂੰ ਪ੍ਰਬੰਧਕ ਲਗਾਉਣ ਅਤੇ ਮੈਨੇਜਮੈਂਟ ਕਮੇਟੀ ਖ਼ਿਲਾਫ਼ ਪੁਲੀਸ ਕੇਸ ਦਰਜ ਹੋਣ ਮਗਰੋਂ ਪ੍ਰਤੀਕਿਰਿਆ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ ਇਹ ਕਾਲਜ ਲੋਕਾਂ ਦੇ ਦਾਨ ਸਹਾਰੇ ਲੜਕੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਬਣਿਆ ਸੀ ਜੋ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ। ਲੜਕੀਆਂ ਦੇ ਇਸ ਇੱਕੋ ਇੱਕ ਕਾਲਜ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ ਅਤੇ ਲੋਕਾਂ ਦੀ ਰਾਇ ਦੇ ਉਲਟ ਕੁਝ ਵੀ ਨਹੀਂ ਹੋਣ ਦਿੱਤਾ ਜਾਵੇਗਾ। ਕਾਲਜ ਵਿਚ ਫੰਡਾਂ ਦੀ ਦੁਰਵਰਤੋਂ ਅਤੇ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਮਗਰੋਂ ਹੀ ਸਰਕਾਰ ਵਲੋਂ ਇਹ ਕਦਮ ਚੁੱਕਿਆ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕਾਲਜ ਦੀ ਮੈਨੇਜਮੈਂਟ ਕਮੇਟੀ ਲੰਮੇ ਸਮੇਂ ਤੋਂ ਕਾਲਜ ਵਿੱਚ ਲੜਕੀਆਂ ਦੀ ਬੀਏ ਦੀ ਪੜ੍ਹਾਈ ਬੰਦ ਕਰਕੇ ਇੱਥੇ ਪ੍ਰੋਫੈਸ਼ਨਲ ਕੋਰਸ ਸ਼ੁਰੂ ਕਰਨਾ ਚਾਹੁੰਦੀ ਹੈ ਜਿਸ ਦਾ ਲੋਕਾਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲੜਕੀਆਂ ਦਾ ਇੱਕ ਇੱਕ ਕਾਲਜ ਹੈ ਜਿਸ ਵਿੱਚ ਖਾਸ ਕਰਕੇ ਪੇਂਡੂ ਅਤੇ ਸ਼ਹਿਰੀ ਖੇਤਰ ਦੀਆਂ ਲੜਕੀਆਂ ਸਿੱਖਿਆ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਵਪਾਰ ਨਹੀਂ ਬਣਨ ਦਿੱਤਾ ਜਾਵੇਗਾ ਬਲਕਿ ਲੜਕੀਆਂ ਦੀ ਚੱਲ ਰਹੀ ਪੜ੍ਹਾਈ ਨੂੰ ਪਹਿਲਾਂ ਵਾਂਗ ਹੀ ਜਾਰੀ ਰੱਖਿਆ ਜਾਵੇਗਾ।