ਲੋਕਾਂ ਦੇ ਮਸਲੇ ਹੱਲ ਕਰਵਾਉਣ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਪੁੱਜੇ ਗੋਲਡੀ
ਹਲਕਾ ਧੂਰੀ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਆਗੂ ਦਲਵੀਰ ਸਿੰਘ ਗੋਲਡੀ ਆਪਣੀ ਪਤਨੀ ਸਿਮਰਤ ਕੌਰ ਖੰਗੂੜਾ ਸਮੇਤ ਵੱਖ-ਵੱਖ ਪਿੰਡਾਂ ਦੀਆਂ ਔਰਤਾਂ ਨਾਲ ਧੂਰੀ ਦੇ ਡੀ ਐੱਸ ਪੀ ਗੁਰਪ੍ਰੀਤ ਸਿੰਘ ਨੂੰ ਮਿਲੇ ਤੇ ਉਨ੍ਹਾਂ ਨੂੰ ਸ਼ਹਿਰ ਵਿੱਚ ਸ਼ਰੇਆਮ ਨਸ਼ਾ ਵਿਕਣ ਅਤੇ...
ਹਲਕਾ ਧੂਰੀ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਆਗੂ ਦਲਵੀਰ ਸਿੰਘ ਗੋਲਡੀ ਆਪਣੀ ਪਤਨੀ ਸਿਮਰਤ ਕੌਰ ਖੰਗੂੜਾ ਸਮੇਤ ਵੱਖ-ਵੱਖ ਪਿੰਡਾਂ ਦੀਆਂ ਔਰਤਾਂ ਨਾਲ ਧੂਰੀ ਦੇ ਡੀ ਐੱਸ ਪੀ ਗੁਰਪ੍ਰੀਤ ਸਿੰਘ ਨੂੰ ਮਿਲੇ ਤੇ ਉਨ੍ਹਾਂ ਨੂੰ ਸ਼ਹਿਰ ਵਿੱਚ ਸ਼ਰੇਆਮ ਨਸ਼ਾ ਵਿਕਣ ਅਤੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਜਾਣੂ ਕਰਵਾਇਆ। ਡੀ ਐੱਸ ਪੀ ਗੁਰਪ੍ਰੀਤ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧੂਰੀ ਅੰਦਰ ਨਸ਼ੇ ਦੀ ਵਿਕਰੀ ਕਿਸੇ ਕੀਮਤ ’ਤੇ ਨਹੀਂ ਹੋਣ ਦੇਵਾਂਗੇ। ਫਿਰ ਵੀ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਉਸ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨਗੇ।
ਇਸ ਮਗਰੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫਤਰ ਪੁੱਜੇ ਜਿੱਥੇ ਉਨ੍ਹਾਂ ਦਫ਼ਤਰ ਦੇ ਬੰਦ ਦਰਵਾਜ਼ਾ ਖੁੱਲ੍ਹਵਾਇਆ। ਇਸ ਦੌਰਾਨ ਉਨ੍ਹਾਂ ਦਫ਼ਤਰ ਵਿੱਚ ਮੌਜੂਦ ਇੰਚਾਰਜ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨਾਲ ਗੱਲਬਾਤ ਕੀਤੀ ਤੇ ਨਸ਼ੇ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ। ਦਫ਼ਤਰ ਇੰਚਾਰਜਾਂ ਨੇ ਕਾਂਗਰਸ ਆਗੂ ਵੱਲੋਂ ਦੱਸੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਹਲਕੇ ਦੇ ਲੋਕਾਂ ਦੇ ਕੰਮ ਸਮੇਂ ਸਿਰ ਹੋ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦਫਤਰ ਦੇ ਦਰਵਾਜ਼ੇ ਹਰ ਸਮੇਂ ਲੋਕਾਂ ਲਈ ਖੁੱਲ੍ਹੇ ਹਨ ਤੇ ਬੰਦ ਪਏ ਦਰਵਾਜ਼ੇ ਨੂੰ ਖੁੱਲ੍ਹਵਾਉਣ ਦੇ ਦੋਸ਼ ਸਿਆਸਤ ਤੋਂ ਪ੍ਰੇਰਿਤ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਲਡੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਪੈਨਸ਼ਨਾਂ ਨਹੀਂ ਲੱਗ ਰਹੀਆਂ ਤੇ ਲੋਕ ਆਪਣੇ ਨਿੱਜੀ ਕੰਮਾਂ ਲਈ ਸੁਵਿਧਾ ਕੇਂਦਰਾਂ ਦੇ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਚੇ ਘਰਾਂ ਦੇ ਪੀੜਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਉੱਪਰ ਕਰਵਾਉਣ ਲਈ ਉਹ ਹਰ ਸਮੇਂ ਤਿਆਰ ਹਨ ਤੇ ਭਵਿੱਖ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਤੇ ਸਾਰੇ ਪਿੰਡਾਂ ਵਿੱਚ ਜਾਂ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ ਤੇ ਉਨ੍ਹਾਂ ਮੁਸ਼ਕਲਾਂ ਨੂੰ ਪ੍ਰਸ਼ਾਸਨ ਤੱਕ ਪੁੱਜ ਦਾ ਕਰਨਗੇ।

