ਲੋੜਵੰਦਾਂ ਦੀਆਂ ਜ਼ਰੂਰਤਾਂ ਲਈ ਸਰਕਾਰ ਵਚਨਬੱਧ: ਚੀਮਾ
ਵਿੱਤ ਮੰਤਰੀ ਨੇ ਹਲਕਾ ਦਿੜ੍ਹਬਾ ਦੇ 70 ਲੋੜਵੰਦ ਪਰਿਵਾਰਾਂ ਨੂੰ ਆਵਾਸ ਯੋਜਨਾ ਤਹਿਤ 1.75 ਕਰੋੜ ਦੇ ਮਨਜ਼ੂਰੀ ਪੱਤਰ ਸੌਂਪੇ
ਪੰਜਾਬ ਸਰਕਾਰ ਦੇ ਆਮ ਲੋਕਾਂ ਦੇ ਭਲਾਈ-ਕੇਂਦਰਤ ਵਿਕਾਸ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ-ਡਵੀਜ਼ਨਲ ਕੰਪਲੈਕਸ, ਦਿੜ੍ਹਬਾ ਵਿੱਚ ਆਵਾਸ ਯੋਜਨਾ ਤਹਿਤ ਹਲਕਾ ਦਿੜ੍ਹਬਾ ਦੇ 70 ਲਾਭਪਾਤਰੀ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ। ਇਸ ਯੋਜਨਾ ਅਧੀਨ ਪ੍ਰਤੀ ਪਰਿਵਾਰ 02.50 ਲੱਖ ਰੁਪਏ ਦੇ ਅਨੁਸਾਰ ਕੁੱਲ 1 ਕਰੋੜ 75 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਹੈ, ਜਿਸ ਤਹਿਤ ਹਲਕਾ ਦਿੜ੍ਹਬਾ ਦੇ 7 ਪਿੰਡਾਂ ਨੂੰ 3 ਕਰੋੜ 50 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ।
11 ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਪੱਤਰ ਸੌਂਪੇ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਂਹ ਨਾਲ ਹੋਏ ਨੁਕਸਾਨ ਸਬੰਧੀ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਨੁਕਸਾਨੀਆਂ ਫਸਲਾਂ ਸਬੰਧੀ 1 ਕਰੋੜ 16 ਲੱਖ 58 ਹਜ਼ਾਰ 938 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਮੁਆਵਜ਼ਾ ਦਿੱਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ।

