ਪਵਨ ਕੁਮਾਰ ਵਰਮਾ
ਧੂਰੀ, 5 ਅਕਤੂਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਹਾਥਰਸ ਜਬਰ-ਜਨਾਹ ਕਾਂਡ ਖ਼ਿਲਾਫ਼ ਪਿੰਡ ਰਾਜੋਮਾਜਰਾ ਦੀ ਰਵਿਦਾਸ ਧਰਮਸ਼ਾਲਾ ਵਿੱਚ ਰੈਲੀ ਕਰ ਕੇ ਯੂਪੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤਾਂ ’ਤੇ ਵਧ ਰਹੇ ਜ਼ੁਲਮ ਖ਼ਾਸ ਕਰ ਕੇ ਦਲਿਤ ਔਰਤਾਂ ’ਤੇ ਹੋ ਰਹੇ ਤਸ਼ੱਦਦ, ਹੱਤਿਆ ਕਰਨ ਦੀਆਂ ਘਟਨਾਵਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਫਾਸ਼ੀਵਾਦੀ ਤਾਕਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸਕੱਤਰ ਬਲਜੀਤ ਸਿੰਘ ਨੇ ਕਿਹਾ ਕਿ ਇਹ ਮੁਲਕ ਵਿੱਚ ਜਬਰ-ਜਨਾਹ ਦੀ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਠੂਆ, ਬਲਰਾਮਗੜ੍ਹ ਥਾਵਾਂ ’ਤੇ ਲੜਕੀਆਂ ਇਸ ਦਰਿੰਦਗੀ ਦਾ ਸਾਹਮਣਾ ਕਰ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਿੰਦਣਯੋਗ ਘਟਨਾਵਾਂ ਵਿਚ ਸਭ ਤੋਂ ਮਾੜਾ ਪੱਖ ਇਹ ਹੈ ਕਿ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਥਾਂ ਮੁਲਜ਼ਮਾਂ ਦਾ ਕਥਿਤ ਸਾਥ ਦਿੱਤਾ ਹੈ।
ਜ਼ਿਕਰਯੋਗ ਗੱਲ ਇਹ ਹੈ ਕਿ ਹੁਣ ਉੱਤਰ ਪ੍ਰਦੇਸ਼ ਦੀ ਸਰਕਾਰ ਵੀ ਉਨ੍ਹਾਂ ਦਰਿੰਦਿਆਂ ਦਾ ਹੀ ਸਾਥ ਦੇ ਰਹੀ ਹੈ ਜਿਨ੍ਹਾਂ ਨੇ ਬੱਚੀ ਨਾਲ ਦਰਿੰਦਗੀ ਭਰਿਆ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪੀੜਤ ਪਰਿਵਾਰ ਨੂੰ ਕੋਈ ਵੀ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਜਥੇਬੰਦੀਆਂ ਦੇ ਆਗੂਆਂ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਨਿਖੇਧੀ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।