Government ਨੇ ਸਕੂਲਾਂ ਦੀ ਨੁਹਾਰ ਬਦਲੀ: ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਵੱਖ-ਵੱਖ ਸਕੂਲਾਂ ਵਿੱਚ 61 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਪੰਜਾਬ ਸਰਕਾਰ ਵੱਲੋਂ ਵਿੱਢੀ ‘ਸਿੱਖਿਆ ਕ੍ਰਾਂਤੀ ਮੁਹਿੰਮ 2.0’ ਤਹਿਤ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਤਕਰੀਬਨ 60 ਲੱਖ 96 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਵਿੱਚ 10 ਲੱਖ 98 ਹਜ਼ਾਰ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤਿਆਰ ਕੀਤੀ ਗਈ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਦੁੱਗਰੀ ਅਤੇ ਸਰੋਦ ਵਿੱਚ ਵੀ 10 ਲੱਖ 98 ਹਜ਼ਾਰ ਰੁਪਏ ਦੇ ਖਰਚੇ ਨਾਲ ਨਵੀਆਂ ਸਾਇੰਸ ਲੈਬਾਂ ਬਣਾਈਆਂ ਗਈਆਂ ਹਨ। ਵਿਦਿਆਰਥੀਆਂ ਦੇ ਬੈਠਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਅਤੇ ਸਰਕਾਰੀ ਮਿਡਲ ਸਕੂਲ ਬਾਦਸ਼ਾਹਪੁਰ ਵਿੱਚ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਕਲਾਸ ਰੂਮ ਉਸਾਰੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਹੈਦਰ ਨਗਰ ਦੀ ਚਾਰਦੀਵਾਰੀ ਉੱਤੇ 13 ਲੱਖ ਰੁਪਏ ਖਰਚ ਕੀਤੇ ਗਏ ਹਨ।
ਉਦਘਾਟਨ ਮੌਕੇ ਸੰਬੋਧਨ ਕਰਦਿਆਂ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਤਤਪਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਅੱਜ ਸਰਕਾਰੀ ਸਕੂਲਾਂ ਵਿੱਚ ਲਾਮਿਸਾਲ ਤਰੱਕੀ ਵੇਖਣ ਨੂੰ ਮਿਲ ਰਹੀ ਹੈ, ਜਿਸ ਨਾਲ ਆਮ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਹੋਵੇਗੀ।

