ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਕਟੌਤੀ ਕਰਨ ਦੀ ਤਿਆਰੀ ’ਚ ਸਰਕਾਰ: ਦੁੱਗਾਂ
ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨੇ ਦੋਸ਼ ਲਾਇਆ ਕਿ 1007 ਦਫ਼ਤਰੀ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਅਧੀਨ ਲੈਣ ਦਾ ਫ਼ੈਸਲਾ ਕਰ ਕੇ ਮੁਲਾਜ਼ਮਾਂ ਦੀ ਤਨਖਾਹ ’ਤੇ ਵੱਡੀ ਕਟੌਤੀ ਕਰਨ ਦੀ ਤਿਆਰੀ ਕਰ ਲਈ ਹੈ ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਤਨਖਾਹ 50 ਹਜ਼ਾਰ ਤੋਂ ਘੱਟ ਕੇ 19 ਹਜ਼ਾਰ ਰੁਪਏ ਰਹਿ ਜਾਵੇਗੀ। ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਅਤੇ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 8 ਸਤੰਬਰ 2025 ਨੂੰ ਕੈਬਿਨਟ ਦੀ ਮੀਟਿੰਗ ਦੌਰਾਨ 15/20 ਸਾਲਾਂ ਤੋਂ ਕੰਮ ਕਰ ਰਹੇ 1007 ਦਫਤਰੀ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਅਧੀਨ ਲੈਣ ਦਾ ਫੈਸਲਾ ਕਰਕੇ ਮੁਲਾਜ਼ਮਾਂ ਦੀ ਤਨਖਾਹ ’ਤੇ ਵੱਡੀ ਕਟੌਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਜ਼ਾਰੀ ਨੋਟੀਫਿਕੇਸ਼ਨ ਅਨੁਸਾਰ ਇਕ ਤਾਂ ਮੁਲਾਜ਼ਮਾਂ ਦੀਆ ਮੌਜੂਦਾ ਪੋਸਟਾਂ ਜਿਨ੍ਹਾਂ ’ਤੇ ਉਹ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਇੱਥੋ ਤੱਕ ਕਿ ਲੇਖਾਕਾਰ ਦਾ ਤਾਂ ਅਹੁਦਾ ਬਦਲ ਕੇ ਕਲਰਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲੇ ਦੀ ਨਿਖੇਧੀ ਕਰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਦੀ ਪੇਅ ਪ੍ਰੋਟੈਕਟ ਕਰ ਕੇ ਰੈਗੂਲਰ ਕੀਤਾ ਜਾਵੇ।