ਜਸਵੰਤ ਜੱਸ
ਫ਼ਰੀਦਕੋਟ, 11 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ ਫ਼ਰੀਦਕੋਟ ਵਿੱਚ ਵੱਖ-ਵੱਖ ਖ਼ਰੀਦ ਕੇਂਦਰਾਂ ਉੱਪਰ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਕਰਨ ਦੇ ਨਾਲ-ਨਾਲ ਆੜ੍ਹਤੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਇੰਤਜਾਮ ਕੀਤੇ ਗਏ ਹਨ। ਮੰਡੀਆਂ ਵਿੱਚ ਕੋਵਿਡ ਦੇ ਮੱਦੇਨਜਰ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਡੀਆਂ ਵਿੱਚ ਵੈਕਸੀਨ ਲਗਾਉਣ ਦੀ ਵਿਵਸਥਾ ਵੀ ਸਿਹਤ ਮਹਿਕਮੇ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸਡੀਐੱਮ ਪੂਨਮ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਸਮੇਤ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਮਾਰਕੀਟ ਕਮੇਟੀ ਦੇ ਚੇਅਰਮੈਨ ਸੰਸਾਰ ਸਿੰਘ ਮੱਲਣ ਵੱਲੋਂ ਅੱਜ ਨਵੀਂ ਦਾਣਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਸਕੱਤਰ ਅਸ਼ੋਕ ਜੈਨ ਨੇ ਦੱਸਿਆ ਕਿ ਅੱਜ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਏਜੰਸੀ ਪਨਸਪ ਦੇ ਇੰਸਪੈਕਟਰ ਸਚਿਨ ਬਾਂਸਲ ਵੱਲੋਂ ਆੜ੍ਹਤੀ ਮੈਸ. ਧਨਪਤ ਮੱਲ ਕਿਰਪਾ ਰਾਮ ਦੇ ਕਿਸਾਨ ਵਕੀਲ ਸਿੰਘ ਪੁੱਤਰ ਮੁਖਤਿਆਰ ਵਾਸੀ ਗਿੱਦੜਬਾਹਾ ਦੀ ਕਣਕ ਦੀ ਢੇਰੀ ਨੂੰ 1975 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਗਈ ਹੈ।
ਹੰਢਿਆਇਆ (ਪੱਤਰ ਪ੍ਰੇਰਕ): ਕਸਬਾ ਹੰਢਿਆਇਆ ਅਤੇ ਖੁੱਡੀ ਕਲਾਂ ਦੀਆਂ ਦਾਣਾ ਮੰਡੀਆਂ ’ਚ ਕਣਕ ਦੀ ਆਮਦ ਸ਼ੁੁਰੂ ਹੋ ਗਈ ਹੈ| ਸੂਬਾ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ| ਕਸਬਾ ਹੰਢਿਆਇਆ ਵਿੱਚ ਅਨਾਜ ਮੰਡੀ ਦੀ ਚਾਰਦੀਵਾਰੀ ਪਿਛਲੇ ਦੋ ਸਾਲਾਂ ਤੋਂ ਡਿੱਗੀ ਪਈ ਹੈ| ਇਸ ਮੌਕੇ ਆੜ੍ਹਤੀਆਂ ਨੇ ਮੰਗ ਕੀਤੀ ਕਿ ਚੋਰੀ ਨੂੰ ਰੋਕਣ ਲਈ ਚਾਰਦੀਵਾਰੀ ਬਣਾਈ ਜਾਵੇ|
ਦੂਜੇ ਦਿਨ ਵੀ ਬੋਲੀ ਨਾ ਲੱਗੀ
ਨਥਾਣਾ (ਭਗਵਾਨ ਦਾਸ ਗਰਗ): ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਅੱਜ ਦੂਜੇ ਦਿਨ ਵੀ ਨਥਾਣਾ ਅਤੇ ਆਸ-ਪਾਸ ਦੇ ਖਰੀਦ ਕੇਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ। ਕਿਸੇ ਵੀ ਖਰੀਦ ਕੇਂਦਰ ਵਿੱਚ ਕਿਸੇ ਵੀ ਏਜੰਸੀ ਦਾ ਕੋਈ ਅਧਿਕਾਰੀ ਨਹੀਂ ਆਇਆ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਸੂਬੇ ’ਚ ਕਣਕ ਦੀ ਸਰਕਾਰੀ ਖ਼ਰੀਦ ਦੇ ਅੱਜ ਦੂਜੇ ਦਿਨ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਰਕਾਰੀ ਖਰੀਦ ਸ਼ੁਰੂ ਨਾ ਹੋਈ। ਕਣਕ ਖਰੀਦਣ ਲਈ ਕੋਈ ਏਜੰਸੀ ਨਹੀਂ ਬਹੁੜੀ।
ਡਿਪਟੀ ਕਮਿਸਨਰ ਸੰਦੀਪ ਹੰਸ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਦੂਜੇ ਦਿਨ 11500 ਕੁਇੰਟਲ ਦੀ ਆਮਦ ਹੋਈ ਹੈ।
ਭੁੱਚੋ ਮੰਡੀ (ਪਵਨ ਗੋਇਲ): ਕੈਪਟਨ ਸਰਕਾਰ ਵੱਲੋਂ 10 ਅਪਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਮੰਡੀਆਂ ਵਿੱਚ ਕਣਕ ਦੀ ਆਮਦ ਜ਼ੋਰ ਫੜ ਰਹੀ ਹੈ, ਪਰ ਕਣਕ ਦੀ ਬੋਲੀ ਅੱਜ ਦੂਜੇ ਦਿਨ ਵੀ ਸ਼ੁਰੂ ਨਹੀਂ ਹੋ ਸਕੀ। ਘਰਾਂ ਵਿੱਚ ਥਾਂ ਨਾ ਹੋਣ ਕਾਰਨ ਕਈ ਕਿਸਾਨ 8 ਅਪਰੈਲ ਤੋਂ ਕਣਕ ਮੰਡੀਆਂ ਵਿੱਚ ਸੁੱਟੀ ਬੈਠੇ ਹਨ ਅਤੇ ਬੋਲੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਸਥਾਨਕ ਮਾਰਕੀਟ ਕਮੇਟੀ ਦੀ ਤਾਜ਼ਾ ਰਿਪੋਰਟ ਅਨੁਸਾਰ ਖਰੀਦ ਕੇਂਦਰਾਂ ’ਤੇ ਹਾਲੇ ਤੱਕ ਬਾਰਦਾਨਾ ਨਹੀਂ ਪਹੁੰਚਿਆ ਅਤੇ ਅੱਜ ਸ਼ਾਮ ਤੱਕ ਸਾਰੇ 12 ਖਰੀਦ ਕੇਂਦਰਾਂ ’ਤੇ 1370 ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਨੁਸਾਰ ਬੋਲੀ ਕੱਲ੍ਹ ਤੱਕ ਹੋਣ ਦੀ ਸੰਭਾਵਨਾ ਹੈ।
ਆੜ੍ਹਤੀਆਂ ਨੇ ਬਿਨਾਂ ਪਾਸ ਤੋਂ ਕਣਕ ਖ਼ਰੀਦਣ ਦਾ ਕੀਤਾ ਐਲਾਨ
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਵੱਲੋਂ ਕੀਤੀ ਹੜਤਾਲ ਖ਼ਤਮ ਕਰਵਾ ਕੇ ਬੇਸ਼ੱਕ ਸੂਬੇ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾ ਦਿੱਤੀ ਹੈ, ਪਰ ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਜੋ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ ਕਣਕ ਵੇਚਣ ਲਈ ਇਸ ਸਾਲ ਵੀ ਪਿਛਲੇ ਵਰ੍ਹੇ ਵਾਲੇ ਪਾਸ ਸਿਸਟਮ ਨੂੰ ਲਾਗੂ ਕੀਤਾ ਗਿਆ ਹੈ, ਉਸ ਨੂੰ ਆੜ੍ਹਤੀਆਂ ਵੱਲੋਂ ਸਵੀਕਾਰਿਆ ਨਹੀਂ ਜਾਵੇਗਾ। ਐਸੋਸੀਏਸ਼ਨ ਨੇ ਕਿਹਾ ਕਿ ਕੋਈ ਵੀ ਆੜ੍ਹਤੀਆ ਪਾਸ ਨਹੀਂ ਲਵੇਗਾ ਅਤੇ ਬਿਨਾਂ ਪਾਸ ਤੋਂ ਹੀ ਕਣਕ ਦੀ ਖਰੀਦ ਕਰੇਗਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਆੜ੍ਹਤੀਆਂ ਦੀ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇੇ ਕੇਂਦਰ ਦੀ ਮੋਦੀ ਸਰਕਾਰ ਨਾਲ ਮਿਲਕੇ ਪੰਜਾਬ ਵਿੱਚ ਆੜ੍ਹਤੀਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਦਾ, ਜੋ ਫਿਕਸ ਮੈਚ ਖੇਡਿਆ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਜਥੇਬੰਦੀ ਦੇ ਵਾਈਸ ਪ੍ਰਧਾਨ ਚੰਦਰ ਕਾਂਤ ਕੁੱਕੀ ਨੇ ਕਿਹਾ ਕਿ ਸੂਬਾ ਪ੍ਰਧਾਨ ਵਿਜੈ ਕਾਲੜ੍ਹੇ ਨੂੰ ਮਾਨਸਾ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਅਤੇ ਜਦੋਂ ਉਹ ਮਾਨਸਾ ਵਿੱਚ ਆਉਣਗੇ ਤਾਂ ਮਾਨਸਾ ਦੀ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਕਾਲੀਆਂ ਝੰਡੀਆਂ ਵਿਖਾਕੇ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿੱਚ ਮਤਾ ਪਾਸ ਕਰ ਕੇ ਕਾਂਗਰਸ ਅਤੇ ਭਾਜਪਾ ਦੇ ਲੀਡਰਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ।