ਖੇਤਰੀ ਪ੍ਰਤੀਨਿਧ
ਧੂਰੀ, 11 ਮਾਰਚ
ਲਾਂਸ ਨਾਇਕ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਧੂਰੀ ਵਿੱਚ ਅੰਗਰੇਜ਼ੀ ਤੇ ਪੋਲਟੀਕਲ ਸਾਇੰਸ ਦਾ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਨਜ਼ਰ ਆਉਣ ਲੱਗਾ ਹੈ। ਇਸ ਸਬੰਧੀ ਪਿੰਡ ਦੀ ਪੰਚਾਇਤ ਤੇ ਚੈਅਰਮੇਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੂਲ ਵਿੱਚ ਆਲੇ ਦੁਆਲੇ ਦੇ ਪਿੰਡਾਂ ਤੋਂ ਕਰੀਬ 520 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਪਰ ਸਕੂਲ ਵਿੱਚ ਇਨ੍ਹਾਂ ਅਹਿਮ ਵਿਸ਼ਿਆਂ ਦੇ ਅਧਿਆਪਕ ਨਹੀਂ ਹਨ। ਉਨ੍ਹਾਂ ਕਿਹਾ ਇਸ ਸਬੰਧੀ ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾ ਕੇ ਉੱਚ ਅਧਿਕਾਰੀਆਂ ਨੂੰ ਭੇਜੇ ਹਨ।
ਇਸ ਤੋਂ ਇਲਾਵਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵੀ ਜਾਣੁੂ ਕਰਵਾਇਆ ਹੋਇਆ ਹੈ ਪਰ ਅੱਜ ਤੱਕ ਇਸ ਮੁਸ਼ਕਲ ਦਾ ਹੱਲ ਨਹੀਂ ਹੋ ਸਕਿਆ। ਪਿੰਡ ਦੀ ਸਮੂਹ ਪੰਚਾਇਤ ਤੇ ਚੈਅਰਮੇਨ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਸਕੂਲ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਸਕੂਲ ਵਿੱਚ ਇਨ੍ਹਾਂ ਦੋਵੇਂ ਅਹਿਮ ਵਿਸ਼ਿਆਂ ਦੇ ਅਧਿਆਪਕ ਜਲਦ ਭੇਜੇ ਜਾਣ।
ਇਸ ਸਬੰਧੀ ਵਿਧਾਇਕ ਦਲਵੀਰ ਸਿੰਘ ਗੋਲਡੀ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਤੇ ਇਸ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਉਹ ਜਲਦ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਦੂਜੇ ਪਾਸੇ ਕਿਸਾਨ ਮੁਕਤੀ ਮੋਰਚਾ ਦੇ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਜਲਦ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲ ਕੇ ਭਲਵਾਨ ਸਕੂਲ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਫੌਰੀ ਭਰਨ ਦੀ ਮੰਗ ਕਰੇਗੀ।