ਰਮੇਸ਼ ਭਾਰਦਵਾਜ
ਲਹਿਰਾਗਾਗਾ, 2 ਨਵੰਬਰ
ਆਮ ਆਦਮੀ ਪਾਰਟੀ (‘ਆਪ’) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਮਨਦੀਪ ਸਿੰਘ ਵਾਸੀ ਸੰਗਤਪੁਰਾ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ। ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਜਨੀਤ ਸਿੰਘ ਚੰਨੀ ਨੂੰ ਭੇਜੇ ਪੱਤਰ ਵਿੱਚ ਦੱਸਿਆ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਸੰਗਤਪੁਰਾ ਦੇ ਰਹਿਣ ਵਾਲੇ ਮਨਦੀਪ ਸਿੰਘ ਉਰਫ਼ ਕਾਲਾ ਨੇ 28 ਸਾਲਾਂ ਦੀ ਉਮਰ ਵਿੱਚ ਹੀ ਮੌਤ ਨੂੰ ਗਲੇ ਲਾ ਲਿਆ ਕਿਉਂਕਿ ਉਸ ਦੇ ਪਰਿਵਾਰ ਦੇ ਸਿਰ ’ਤੇ ਕਰਜ਼ੇ ਦਾ ਵੱਡਾ ਭਾਰ ਸੀ। ਇੰਨਾ ਹੀ ਨਹੀਂ ਮ੍ਰਿਤਕ ਨੌਜਵਾਨ ਦੇ ਪਿਤਾ ਨਾਜਰ ਸਿੰਘ ਦੀ ਪੰਜ ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਨਦੀਪ ਸਿੰਘ ਦੇ ਪਰਿਵਾਰ ਵਿੱਚ ਹੁਣ ਕੇਵਲ ਇੱਕ ਛੋਟਾ ਬੱਚਾ, ਪਤਨੀ ਅਤੇ ਬਿਰਧ ਮਾਤਾ ਰਹਿ ਗਏ ਹਨ, ਜੋ ਕਰਜ਼ਾ ਮੋੜਨ ਤੋਂ ਅਸਮਰਥ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਇਸ ਪਰਿਵਾਰ ਦੇ ਸਿਰ ਤੋਂ ਕਰਜ਼ੇ ਦੀ ਪੰਡ ਉਤਾਰ ਕੇ ਰਾਹਤ ਪ੍ਰਦਾਨ ਕਰੇ।