ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਜਨਵਰੀ
ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੈਂਕੜੇ ਚੌਥਾ ਦਰਜਾ ਤੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਤੇ ਡੀਸੀ ਕੰਪਲੈਕਸ ਅੱਗੇ ਰੋਸ ਰੈਲੀ ਕਰਦਿਆਂ ਕਿਸਾਨ ਸੰਘਰਸ਼ ਦੀ ਹਮਾਇਤ ’ਚ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਤੇ ਜ਼ਿਲਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਮੌਕੇ ਕੀਤੇ ਸਭ ਵਾਅਦੇ ਭੁੱਲ ਗਈ ਹੈ ਤੇ ਉਲਟਾ ਮੁਲਾਜ਼ਮ ਵਿਰੋਧੀ ਫੈਸਲੇ ਲਾਗੂ ਕਰ ਦੇ ਰਾਹ ਤੁਰ ਗਈ ਹੈ। ਸਰਕਾਰ ਵੱਲੋਂ ਗਠਿਤ ਅਨਾਮਲੀ ਕਮੇਟੀਆਂ ਵੱਲੋਂ ਸਿਫਾਰਸ਼ਾਂ ਕੀਤੇ ਗਏ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਨੂੰ ਬਾਕੀ ਰਾਜਾਂ ਨਾਲੋਂ ਵੱਧ ਦੱਸ ਕੇ ਪੰਜਾਬ ਦੇ ਵਿੱਤ ਮੰਤਰੀ ਤਨਖਾਹਾਂ ’ਚ ਕਟੌਤੀਆਂ ਦੇ ਸੰਕੇਤ ਦੇ ਰਹੇ ਹਨ ਜਦੋਂਕਿ ਮੁੱਖ ਮੰਤਰੀ ਤੇ ਵਿਧਾਇਕਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਬਾਕੀ ਰਾਜਾਂ ਨਾਲੋਂ ਵੱਧ ਨਜ਼ਰ ਨਹੀਂ ਆ ਰਹੀਆਂ। ਨਵੇਂ ਭਰਤੀ ਮੁਲਾਜਮਾਂ ਤੇ ਕੇਂਦਰੀ ਤਨਖਾਹ ਸਕੇਲ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਜਬਰੀ ਲਾਗੂ ਕਰ ਦਿੱਤੇ ਹਨ। 15-20 ਸਾਲ ਦੀ ਸਰਵਿਸ ਹੋਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕਰ ਰਹੀ। ਉਲਟਾ, ਪੁਨਰਗਠਨ ਦੇ ਨਾਂ ’ਤੇ ਹਜ਼ਾਰਾਂ ਰੈਗੂਲਰ ਅਸਾਮੀਆਂ ਖਤਮ ਕਰ ਦਿੱਤੀਆਂ ਹਨ। ਦਰਜਾ ਚਾਰ ਦੀ ਭਰਤੀ ਆਊਟ ਸੋਰਸਿੰਗ ਰਾਹੀਂ ਕਰਨ ਦਾ ਮਾਰੂ ਫੈਸਲਾ ਲਾਗੂ ਕਰਕੇ ਗਰੀਬ ਪਰਿਵਾਰਾਂ ’ਚੋਂ ਆਉਂਦੇ ਘੱਟ ਪੜ੍ਹੇ ਲਿਖੇ ਵਿਅਕਤੀਆਂ ਲਈ ਸਰਕਾਰੀ ਸੇਵਾਵਾਂ ਵਿੱਚ ਦਾਖਲਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੀਆਂ ਵਾਅਦੇ ਖ਼ਿਲਾਫੀਆਂ/ਧੱਕੇਸਾਹੀਆਂ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ। ਉਨ੍ਹਾਂ ਐਲਾਨ ਕੀਤਾ ਕਿ 29 ਜਨਵਰੀ ਨੂੰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਜਾਵੇਗਾ।